- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੋਰਟ ਰਾਹੀਂ ਟੈੱਟ

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ ਅਧਿਆਪਕਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ 'ਤੇ ਪੁਲਿਸ ਦੇ ਡੰਡੇ ਰਾਹੀਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ 'ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ। ਇੱਕ ਪਾਸੇ ਪੰਜਾਬ ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫ਼ਰਵਰੀ ਮਹੀਨੇ ਦੀ ਤਨਖ਼ਾਹ ਨੂੰ ਵੀ ਤਰਸ ਰਹੇ ਹਨ। ਇੰਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾਅ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਗੁਰਦਾਸ ਸਿੰਘ ਗੁਰਨੇ, ਗੁਰਪ੍ਰੀਤ ਬੀਰੋਕੇ, ਜਰਨੈਲ ਬੋਹਾ, ਸੰਦੀਪ ਉੱਡਤ, ਦਿਲਬਾਗ ਸਿੰਘ, ਅਮਰੀਕ ਭੀਖੀ ਇਕਬਾਲ ਸਿੰਘ, ਸੰਤੋਖ ਗੁਰਨੇ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਸ਼ੋਤਮ ਜੰਡੂ, ਰਾਜਪਾਲ ਸਿੰਘ, ਮਹਿੰਦਰਪਾਲ, ਖੁਸਨਸੀਬ ਸਿੰਘ, ਜਗਸੀਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਬੱਛੋਆਣਾ, ਸਰਬਜੀਤ ਸਿੰਘ, ਗੁਰਲਾਲ ਸਿੰਘ, ਜਗਮੇਲ ਸਿੰਘ ਭੰਗੂ, ਵਿਜੈ ਕੁਮਾਰ, ਅਨਿਲ ਜੈਨ ਰਜਿੰਦਰ ਸਿੰਘ, ਰਣਜੀਤ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।