ਨੌਕਰੀ ਕਰ ਰਹੇ ਪੁਰਾਣੇ ਅਧਿਆਪਕਾਂ ’ਤੇ ਟੀਈਟੀ ਦੀ ਸ਼ਰਤ ਲਾਉਣਾ ਗ਼ੈਰ ਵਾਜਿਬ
ਪਿਛਲੇ ਸਾਲ 20250 ਦੌਰਾਨ ਸਤੰਬਰ ਮਹੀਨੇ
Publish Date: Thu, 22 Jan 2026 07:33 PM (IST)
Updated Date: Thu, 22 Jan 2026 07:36 PM (IST)

- ਸਰਵਿਸ ਦੀ ਸੀਨੀਆਰਤਾ ਹੀ ਤਰੱਕੀ ਦਾ ਆਧਾਰ : ਡੀਟੀਐੱਫ਼ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪਿਛਲੇ ਸਾਲ ਸਤੰਬਰ ਮਹੀਨੇ ਸਰਵਉੱਚ ਅਦਾਲਤ ਦੇ ਤਰੱਕੀ ਲਈ ਟੀਈਟੀ ਜ਼ਰੂਰੀ ਬਾਰੇ ਆਏ ਫ਼ੈਸਲੇ ਨੇ ਪਹਿਲਾਂ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਨੂੰ ਨਵੀਂ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ। ਇਸ ਫ਼ੈਸਲੇ ਦੇ ਆਧਾਰ ’ਤੇ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਹੋਣ ਵਾਲੀਆਂ ਤਰੱਕੀਆਂ ’ਤੇ ਰੋਕ ਲੱਗ ਗਈ ਹੈ। ਅਧਿਆਪਕਾਂ ਦੀ ਪ੍ਰਤੀਨਿੱਧ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐੱਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਦਾ ਅਧਿਕਾਰ ਐਕਟ-2009 ਦੇ ਆਧਾਰ ’ਤੇ 23 ਅਗਸਤ 2010 ਤੋਂ ਬਾਅਦ ਭਰਤੀ ਹੋਣ ਵਾਲੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਅਧਿਆਪਕਾਂ ਲਈ ਟੀਈਟੀ-1 ਅਤੇ ਛੇਵੀਂ ਤੋਂ ਅੱਠਵੀਂ ਦੇ ਅਧਿਆਪਕਾਂ ਲਈ ਟੀਈਟੀ-2 ਦਾ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਸੀ ਪਰ ਪਿਛਲੇ ਸਾਲ ਸਤੰਬਰ ਮਹੀਨੇ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ 23 ਅਗਸਤ 2010 ਤੋ ਪਹਿਲਾਂ ਨੌਕਰੀ ਵਿੱਚ ਆਏ ਅਧਿਆਪਕਾਂ ਨੂੰ ਵੀ 2 ਸਾਲ ਦੇ ਅੰਦਰ ਅੰਦਰ ਟੀਈਟੀ ਟੈਸਟ ਪਾਸ ਕਰਨ ਦੀ ਸ਼ਰਤ ਲਗਾ ਦਿੱਤੀ ਹੈ ਅਤੇ ਤਰੱਕੀ ਲੈਣ ਲਈ ਵੀ ਟੀਈਟੀ ਦੀ ਸ਼ਰਤ ਰੱਖ ਦਿੱਤੀ ਹੈ। ਇਸ ਕਾਰਨ ਪ੍ਰਾਇਮਰੀ ਤੋ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਹੋਣ ਵਾਲੀਆਂ ਲਗਭਗ 5 ਹਜ਼ਾਰ ਅਧਿਆਪਕਾਂ ਦੀਆਂ ਤਰੱਕੀਆਂ ਰੁਕ ਗਈਆਂ ਹਨ। ਡੀਟੀਐੱਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਭਰਤੀ ਹੋਏ ਸਾਰੇ ਅਧਿਆਪਕ ਆਪਣੇ-ਆਪਣੇ ਸਮੇਂ ’ਤੇ ਭਰਤੀ ਹੋਣ ਲਈ ਤੈਅ ਹੋਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰੀਆਂ ਕਰ ਕੇ ਨੌਕਰੀ ਵਿੱਚ ਆਏ ਹਨ। ਉਨ੍ਹਾਂ ਉੱਪਰ ਬਾਅਦ ਵਿੱਚ ਲਾਗੂ ਹੋਈਆਂ ਸ਼ਰਤਾਂ ਮੜ੍ਹਨਾ ਸਰਾਸਰ ਧੱਕਾ ਹੈ। ਇਸ ਤੋਂ ਵੀ ਅੱਗੇ 2018 ਵਿੱਚ ਤਰੱਕੀਆਂ ਤੋਂ ਵਾਂਝੇ ਰਹਿ ਗਏ ਬੈਕਲਾਗ ਵਾਲੇ ਅਧਿਆਪਕਾਂ ਨੂੰ 7 ਸਾਲਾਂ ਬਾਅਦ ਤਰੱਕੀ ਦੇ ਆਰਡਰ ਦੇਣ ਅਤੇ ਨੋਸ਼ਨਲ ਜੁਆਨਿੰਗ ਕਰਵਾਉਣ ਦੇ ਬਾਵਜੂਦ ਵੀ ਸਟੇਸ਼ਨ ਅਲਾਟ ਨਹੀਂ ਕੀਤੇ ਗਏ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਸੁਪਰੀਮ ਕੋਰਟ ਵਿੱਚ ਪੁਨਰ ਵਿਚਾਰ ਯਾਚਿਕਾ ਦਾਖਲ ਕਰਨ ਜਾਂ ਸੰਸਦ ਵਿੱਚ ਆਰਡੀਨੈਂਸ ਲਿਆ ਕੇ ਨੌਕਰੀ ਕਰ ਰਹੇ ਅਧਿਆਪਕਾਂ ਅਤੇ ਤਰੱਕੀਆਂ ਲਈ ਟੀਈਟੀ ਤੋਂ ਛੋਟ ਦਿਵਾਉਣ ਅਤੇ ਪੈਂਡਿੰਗ ਪਈਆਂ ਤਰੱਕੀਆਂ ਨੂੰ ਤੁਰੰਤ ਨੇਪਰੇ ਚਾੜ੍ਹਨ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਨਵੀਨ ਬੋਹਾ, ਕੁਲਦੀਪ ਅੱਕਾਵਾਲੀ, ਅਮਰੀਕ ਬੋਹਾ, ਰਾਜ ਸਿੰਘ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐੱਚਟੀ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਮੱਘਰ ਸਿੰਘ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓਂ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।