- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ-ਸੇਵਾਦਾਰ ਭਾਈ ਜਗਜੀਤ ਸਿੰਘ ਵੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਦੁੱਖ ਪ੍ਰਗਟ ਕਰ ਰਹੇ ਪਰਿਵਾਰਕ ਮੈਂਬਰਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ ਵਿਖੇ ਪੜ੍ਹਦੇ ਹਨ। ਇਸ ਲਈ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਦੀ ਪੂਰੀ ਫ਼ੀਸ ਮੁਆਫ਼ ਕੀਤੀ ਜਾਵੇਗੀ ਤੇ ਉਨ੍ਹਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ਵਿਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਭਾਈ ਜਗਜੀਤ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿਚ ਬੱਚਿਆਂ ਦੀ ਪੜ੍ਹਾਈ ਤੇ ਭਵਿੱਖ ਨੂੰ ਲੈ ਕੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਕੇ ਭਵਿੱਖ ਵਿਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸਮਾਜ ਵਿਚ ਵੱਖ-ਵੱਖ ਸਮਿਆਂ ਦੌਰਾਨ ਪੈਦਾ ਹੋਣ ਵਾਲੇ ਔਖੇ ਹਾਲਾਤ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਨਿਭਾਈ ਜਾਂਦੀ ਰਹੀ ਹੈ। ਸਿੱਖਿਆ, ਸਮਾਜ ਸੇਵਾ ਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ ਟਰੱਸਟ ਵੱਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਨੂੰ ਮੁਸ਼ਕਲ ਸਮੇਂ ਵਿਚ ਸਹਾਰਾ ਦੇਣ ਦੇ ਨਾਲ-ਨਾਲ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵੱਲ ਵੀ ਅਹਿਮ ਕਦਮ ਹਨ।