ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ ਬਲਾਕ ਸਰਦੂਲਗੜ੍ਹ ਦੇ ਪਿੰਡ ਮੌਫ਼ਰ ਵਿਖੇ
Publish Date: Thu, 17 Sep 2026 05:35 PM (IST)
Updated Date: Fri, 18 Sep 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬਲਾਕ ਸਰਦੂਲਗੜ੍ਹ ਦੇ ਪਿੰਡ ਮੌਫ਼ਰ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਅਜੀਤਪਾਲ ਸਿੰਘ ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇਵੀਕੇ ਮਾਨਸਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਖੇਤੀਬਾੜੀ ਲਈ ਵਾਤਾਵਰਣ ਦੀ ਰਾਖੀ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਕੁਸ਼ਲ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਖੇਤਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਨਾਲ ਜ਼ਮੀਨ ਦੇ ਭੌਤਿਕ ਗੁਣਾਂ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲ ‘ਤੇ ਮਾੜੇ ਪਾਣੀ ਦਾ ਅਸਰ ਵੀ ਘਟਦਾ ਹੈ। ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਡਾ. ਅਜੈ ਸਿੰਘ ਨੇ ਝੋਨੇ ਦੀ ਪਰਾਲੀ ਦੀ ਸਹੀ ਮਾਤਰਾ ਨੂੰ ਪਸ਼ੂਆਂ ਦੇ ਚਾਰੇ ਵਿੱਚ ਮਿਕਸ ਕਰਕੇ ਵਰਤੋਂ ਸੰਬੰਧੀ, ਪਸ਼ੂਆਂ ਲਈ ਬੈਡਿੰਗ ਸਮੱਗਰੀ ਵਜੋਂ ਵਰਤਣ ਬਾਰੇ ਦੱਸਿਆ ਅਤੇ ਕਿਸਾਨਾਂ ਦੇ ਇਸ ਬਾਬਤ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ। ਸਹਾਇਕ ਪ੍ਰੋਫ਼ੈਸਰ (ਪੌਦ ਸੁਰੱਖਿਆ), ਡਾ. ਰਣਵੀਰ ਸਿੰਘ ਨੇ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਕਰਦੇ ਸਮੇਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਅਤੇ ਕਾਸ਼ਤ ਦੇ ਢੰਗ ਅਪਨਾਉਣ ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਸੀਡ ਡਰਿਲ ਆਦਿ ਬਾਰੇ ਜਾਣੂ ਕਰਵਾਇਆ। ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਝੋਨੇ ਦੀ ਗੋਭ ਅਵਸਥਾ ਵਿੱਚ 1.5 ਫ਼ੀਸਦੀ ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਤੇਜਪਾਲ ਸਿੰਘ ਸਰਾਂ ਨੇ ਕਿਸਾਨਾਂ ਨੂੰ ਫ਼ਸਲੀ ਵਿਭੰਨਤਾ ਤਹਿਤ ਥੋੜ੍ਹਾ ਰਕਬਾ ਫ਼ਲਦਾਰ ਬੂਟਿਆਂ ਅਤੇ ਸਬਜ਼ੀਆਂ ਹੇਠ ਵਧਾਉਣ ਬਾਰੇ ਪ੍ਰੇਰਿਤ ਕੀਤਾ। ਮਨੁੱਖੀ ਸਿਹਤ ਲਈ ਫਲ ਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ ਬਾਗਾਂ, ਸਬਜ਼ੀਆਂ ਤੇ ਖੁੰਬਾਂ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਅਜੈ ਸਿੰਘ ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਮੇਲਿਆਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਅਤੇ ਖੇਤੀ ਸਾਹਿਤ ਪੜ੍ਹਣ ਲਈ ਪ੍ਰੇਰਿਤ ਕੀਤਾ।