- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਸਰਕਾਰ ਅਤੇ

-ਕਿਹਾ, ਸਰਕਾਰੀ ਦਖ਼ਲਅੰਦਾਜ਼ੀ ਕਾਰਨ ਕਾਂਗਰਸੀਆਂ ਨੂੰ ਨਹੀਂ ਮਿਲ ਰਿਹੈ ਇਨਸਾਫ਼
ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ‘ਆਪ’ ਦੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਕਥਿਤ ਵਧੀਕੀਆਂ ਅਤੇ ਧੱਕੇਸ਼ਾਹੀਆਂ ਦੇ ਵਿਰੋਧ ’ਚ ਅੱਜ ਕਾਂਗਰਸ ਪਾਰਟੀ ਵੱਲੋਂ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਸਥਾਨਕ ਥਾਣਾ ਸਿਟੀ ਦੇ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਹਾਜ਼ਰੀ ਭਰੀ ਅਤੇ ਸਰਕਾਰ, ਪ੍ਰਸ਼ਾਸਨ ਅਤੇ ਵਿਧਾਇਕ ਬੁੱਧ ਰਾਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾਧਾਰੀ ਧਿਰ ਦੇ ਦਬਾਅ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਜੁੜੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਬਜਾਏ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਕਾਂਗਰਸ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਪਿਆਰੀ ਦੇ ਭਰਾ ਖ਼ਿਲਾਫ਼ ਦਰਜ ਕੀਤੇ ਗਏ ਮੁਕੱਦਮੇ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਕਾਰਵਾਈ ਰਾਜਨੀਤਿਕ ਦਬਾਅ ਹੇਠ ਕੀਤੀ ਗਈ ਹੈ। ਉਨ੍ਹਾਂ ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੀ.ਪੀ.ਆਈ. ਦੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਗੱਡੀ ਦੀ ਕੀਤੀ ਗਈ ਭੰਨ-ਤੋੜ ਦੇ ਮਾਮਲੇ ਵਿੱਚ ਵੀ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਕਾਂਗਰਸੀ ਕੌਂਸਲਰ ਹਰਵਿੰਦਰਦੀਪ ਸਿੰਘ ਸਵੀਟੀ ਦੇ ਵਰਕਰਾਂ ਦੇ ਘਰਾਂ ਉੱਪਰ ਹਮਲੇ ਕੀਤੇ ਗਏ, ਪਰ ਇਸ ਸਬੰਧੀ ਵੀ ਪੁਲਿਸ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਪਸ਼ਟ ਕਰਦੀਆਂ ਹਨ ਕਿ ਪ੍ਰਸ਼ਾਸਨ ਆਮ ਲੋਕਾਂ ਅਤੇ ਵਿਰੋਧੀ ਧਿਰ ਦੀ ਸੁਰੱਖਿਆ ਕਰਨ ਵਿੱਚ ਅਸਫਲ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨੇ ਦੋਸ਼ ਲਾਇਆ ਕਿ ਸਥਾਨਕ ਵਿਧਾਇਕ ਬੁੱਧ ਰਾਮ ਦੀ ਦਖ਼ਲਅੰਦਾਜ਼ੀ ਕਾਰਨ ਕਾਂਗਰਸੀ ਵਰਕਰਾਂ ਦੀਆਂ ਸ਼ਿਕਾਇਤਾਂ ਨਹੀਂ ਸੁਣੀਆਂ ਜਾ ਰਹੀਆਂ ਅਤੇ ਪੁਲਿਸ ਉੱਤੇ ਰਾਜਨੀਤਿਕ ਦਬਾਅ ਬਣਾਇਆ ਜਾ ਰਿਹਾ ਹੈ। ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ, ਪਰ ਮੌਜੂਦਾ ਹਾਲਾਤਾਂ ਵਿੱਚ ਇਹ ਅਸੂਲ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਾਂਗਰਸੀ ਵਰਕਰਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਦੌਰਾਨ ਬੋਲਣ ਵਾਲੇ ਹੋਰ ਆਗੂਆਂ ਨੇ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਮੌਜੂਦਾ ਸਰਕਾਰ ਨੂੰ ਚੁਣਿਆ ਸੀ, ਪਰ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰੀ।
ਕਾਂਗਰਸੀ ਆਗੂਆਂ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਝੂਠੇ ਮਾਮਲੇ ਦਰਜ ਕਰਨਾ ਅਤੇ ਸ਼ਿਕਾਇਤਾਂ ’ਤੇ ਕਾਰਵਾਈ ਨਾ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਵਰਕਰਾਂ ਨਾਲ ਜੁੜੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਧਰਨੇ ਦੌਰਾਨ ਥਾਣਾ ਸਿਟੀ ਦੇ ਬਾਹਰ ਮਾਹੌਲ ਕਾਫ਼ੀ ਗਰਮ ਰਿਹਾ। ਕਾਂਗਰਸੀ ਵਰਕਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਵਰਕਰਾਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ਦੇ ਅੰਤ ਵਿੱਚ ਪਾਰਟੀ ਆਗੂਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਂਗਰਸੀ ਵਰਕਰਾਂ ਨਾਲ ਹੋ ਰਹੀਆਂ ਕਥਿਤ ਵਧੀਕੀਆਂ ਨੂੰ ਤੁਰੰਤ ਨਾ ਰੋਕਿਆ ਗਿਆ ਅਤੇ ਲੰਬਿਤ ਮਾਮਲਿਆਂ ਵਿੱਚ ਨਿਰਪੱਖ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।
ਕਾਂਗਰਸ ਆਪਣੇ ਵਰਕਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਮੰਚ ’ਤੇ ਲੜਾਈ ਜਾਰੀ ਰੱਖੇਗੀ। ਇਸ ਮੌਕੇ ਕਾਂਗਰਸ ਪਾਰਟੀ ਦੇ ਸੱਤਪਾਲ ਸਿੰਘ ਮੂਲੇਵਾਲ, ਨਵੀਨ ਕਾਲਾ ਬਲਾਕ ਪ੍ਰਧਾਨ ਬੋਹਾ, ਹਰਵਿੰਦਰ ਦੀਪ ਸਿੰਘ ਸਵੀਟੀ ਸ਼ਹਿਰੀ ਪ੍ਰਧਾਨ ਬੁਢਲਾਡਾ, ਹਰਪ੍ਰੀਤ ਸਿੰਘ ਪਿਆਰੀ ਐੱਸਸੀ ਸੈੱਲ ਜਿਲ੍ਹਾ ਪ੍ਰਧਾਨ ਮਾਨਸਾ, ਸਤਗੁਰ ਸਿੰਘ ਜਲਵੇੜਾ, ਮੱਖਣ ਖੁਡਾਲ, ਲਾਲੀ ਭਾਰਤਵਾਜ, ਸਵਰਨ ਸਿੰਘ ਬਲਾਕ ਪ੍ਰਧਾਨ ਬਰੇਟਾ, ਅਨੂੰ ਸ਼ਰਮਾ, ਜਸਵੀਰ ਸਿੰਘ ਸਰਪੰਚ, ਗੁਰਬਿੰਦਰ ਸਿੰਘ ਬਖੜੀਆਲ, ਹਰਬੰਸ ਸਿੰਘ ਖਿੱਪਲ ਪੀਸੀਸੀ ਮੈਂਬਰ, ਡਾਕਟਰ ਪਰਗਟ ਸਿੰਘ ਖੀਵਾ, ਸੰਦੀਪ ਕੁਮਾਰ ਮਹਿਤਾ, ਇੰਦਰਜੀਤ ਸਿੰਘ ਭੀਖੀ, ਗੁਰਪਰਨ ਸਿੰਘ ਰੱਲੀ, ਪ੍ਰਭਜੋਤ ਸਿੰਘ ਫ਼ਫੜੇ, ਪਾਲਾ ਸਿੰਘ ਮੈਂਬਰ , ਇੰਦਰਜੀਤ ਸਿੰਘ ਛੀਨਾ, ਗੁਰਜੀਤ ਸਿੰਘ ਫੌਜੀ ਬੁਢਲਾਡਾ, ਨਿਤੇਸ਼ ਕੁਮਾਰ ਬੋਹਾ, ਕਾਮਰੇਡ ਜਗਸੀਰ ਸਿੰਘ, ਕਾਮਰੇਡ ਵੇਦ ਪ੍ਰਕਾਸ਼, ਕਾਮਰੇਡ ਕਾਕਾ ਸਿੰਘ ਬੁਢਲਾਡਾ, ਮਾਸਟਰ ਰਘੂ ਨਾਥ ਜੀ, ਰਣਜੀਤ ਸਿੰਘ ਦੋਦੜਾ, ਜਿਲ੍ਹਾ ਵਾਈਸ ਪ੍ਰਧਾਨ ਮਾਨਸਾ, ਲਛਮਣ ਦਾਸ ਲਖੀਆ, ਕੇਸੀ ਬਾਵਾ, ਮੱਖਣ ਸਿੰਘ ਸਿੱਧੂ, ਜਨਕ ਰਾਜ ਗੋਇਲ, ਰਾਜਿੰਦਰ ਸਿੰਘ ਗੁਰਜੰਟ ਸਿੰਘ, ਧਨਜੀਤ ਸਿੰਘ ਭੀਖੀ, ਅਮਰੀਕ ਸਿੰਘ ਸਰਪੰਚ, ਰੂਪ ਸਿੰਘ ਸਰਪੰਚ, ਰਾਜੂ ਧੂਫ ਵਾਲਾ, ਦਰਸ਼ਨ ਟਾਹਲੀਆਂ, ਮਨੀ ਕੁਲਾਨਾ, ਨਿੱਕਾ ਸਿੰਘ ਬਹਾਦਰਪੁਰ ਵੱਖ-ਵੱਖ ਅਹੁਦੇਦਾਰਾਂ, ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਾਜ਼ਰੀ ਲਗਵਾਈ ਤੇ ਧਰਨੇ ਨੂੰ ਸਫ਼ਲ ਬਣਾਇਆ।