- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਗਣਨਾ-2027 ਦੇ ਦੂਜੇ ਪੜਾਅ ਤਹਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਆਨਲਾਈਨ ਸਵੈ-ਗਣਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਦੌਰਾਨ ਜਨਗਣਨਾ ਦੇ ਚਾਰਜ ਅਫ਼ਸਰਾਂ ਦੀ ਨਿਗਰਾਨੀ ਹੇਠ ਗਠਿਤ ਕੀਤੀਆਂ ਗਈਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ ਨਾਗਰਿਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਟੀਮਾਂ ਵੱਲੋਂ ਆਮ ਲੋਕਾਂ ਨੂੰ ਆਨਲਾਈਨ ਫ਼ਾਰਮ ਭਰਨ ਦੀ ਪ੍ਰਕਿਰਿਆ ਅਤੇ ਇਸ ਸਬੰਧੀ ਲੋੜੀਂਦੇ ਜ਼ਰੂਰੀ ਨੁਕਤਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਕਰਨ ਦੀ ਅੰਤਿਮ ਮਿਤੀ 30 ਨਵੰਬਰ ਨਿਰਧਾਰਿਤ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਬੇਹੱਦ ਸਰਲ ਅਤੇ ਸੁਰੱਖਿਅਤ ਹੈ, ਜਿਸ ਰਾਹੀਂ ਨਾਗਰਿਕ ਘਰ ਬੈਠੇ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਸਰਕਾਰੀ ਪੋਰਟਲ ’ਤੇ ਆਪਣੀ ਸਵੈ-ਗਣਨਾ ਮੁਕੰਮਲ ਕਰਨ ਨੂੰ ਤਰਜ਼ੀਹ ਦੇਣ ਤਾਂ ਜੋ ਜਨਗਣਨਾ ਦੇ ਇਸ ਅਹਿਮ ਕਾਰਜ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।