ਪੱਤਰ ਪ੍ਰਰੇਰਕ, ਮਾਨਸਾ : ਕੋਰੋਨਾ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਮਾਨਸਾ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਸੈਂਪਿਲੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਚੱਲਦਿਆਂ ਸੋਮਵਾਰ ਨੂੰ ਸਬ-ਡਵੀਜ਼ਨ ਸਰਦੂਲਗੜ੍ਹ ਵਿਖੇ 177 ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ। ਇਸ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪਿਲੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਹੁਣ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 30 ਹਜ਼ਾਰ ਦੇ ਕਰੀਬ ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰੇਕ ਵਿਅਕਤੀ ਨੂੰ ਖੁਦ ਹੀ ਕੋਰੋਨਾ ਜਾਂਚ ਕਰਵਾਉਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਕੋਰੋਨਾ ਪ੍ਰਭਾਵਿਤ ਮਰੀਜ਼ ਦਾ ਪਤਾ ਲੱਗ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਵੀ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।