ਐੱਲਪੀਜੀ ਦੀ ਘਾਟ ਨੇ ਲੋਕਾਂ ਨੂੰ ਨੋਟਬੰਦੀ ਦੀ ਕਰਵਾਈ ਯਾਦ : ਗੁਰਪ੍ਰੀਤ
ਸਾਬਕਾ ਕਾਰਜਕਾਰੀ ਪ੍ਰਧਾਨ, ਜ਼ਿਲ੍ਹਾ ਕਾਂਗਰਸ
Publish Date: Sat, 14 Mar 2026 05:05 PM (IST)
Updated Date: Sun, 15 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਾਬਕਾ ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਦੇਸ਼ ਭਰ ਵਿੱਚ ਖ਼ਾਸ ਕਰਕੇ ਪੰਜਾਬ ਦੇ ਪਿੰਡਾਂ ਵਿੱਚ ਐਲਪੀਜੀ ਗੈਸ ਸਿਲੰਡਰਾਂ ਦੀ ਘਾਟ ’ਤੇ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਘੇਰਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ਦੇ ਲੋਕ ਘਰੇਲੂ ਰਸੋਈ ਗੈਸ ਪ੍ਰਾਪਤ ਕਰਨ ਲਈ ਬਹੁਤ ਪ੍ਰੇਸ਼ਾਨ ਹੋ ਰਹੇ ਹਨ। ਕਈ ਗੈਸ ਏਜੰਸੀਆਂ ਨੇ ਆਨਲਾਈਨ ਬੁਕਿੰਗ ਦੀ ਸਹੂਲਤ ਬੰਦ ਕਰ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖੜ੍ਹਾ ਹੋਣਾ ਪੈ ਰਿਹਾ ਹੈ। ਫ਼ਿਰ ਵੀ ਇਹ ਯਕੀਨ ਨਹੀਂ ਹੁੰਦਾ ਕਿ ਉਨ੍ਹਾਂ ਨੂੰ ਸਿਲੰਡਰ ਮਿਲੇਗਾ ਜਾਂ ਨਹੀਂ। ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਗੈਸ ਏਜੰਸੀਆਂ ਦੇ ਬਾਹਰ ਲੱਗੀਆਂ ਇਹ ਲੰਬੀਆਂ ਕਤਾਰਾਂ ਲੋਕਾਂ ਨੂੰ ਨੋਟ ਬੰਦੀ ਦੇ ਸਮੇਂ ਦੀ ਯਾਦ ਦਿਵਾਉਂਦੀਆਂ ਹਨ, ਜਦੋਂ ਲੋਕਾਂ ਨੂੰ ਘੰਟਿਆਂ ਤੱਕ ਬੈਂਕਾਂ ਤੇ ਏਟੀਐੱਮਾਂ ਦੇ ਬਾਹਰ ਖੜ੍ਹਾ ਰਹਿਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਹਾਲਾਤ ਉਸ ਦੌਰ ਦੀ ਵੀ ਯਾਦ ਦਿਵਾਉਂਦੇ ਹਨ ਜਦੋਂ ਕਰੋਨਾ ਦੌਰਾਨ ਕੇਂਦਰ ਸਰਕਾਰ ਦੀ ਕਥਿਤ ਗਲਤ ਮੈਨੇਜਮੈਂਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਵਿੱਕੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਅਤੇ ਊਰਜਾ ਨੀਤੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਊਰਜਾ ਹਿੱਤਾਂ ਨਾਲ ਸਮਝੌਤਾ ਕਰਦਿਆਂ ਵਿਦੇਸ਼ੀ ਦਬਾਅ ਅੱਗੇ ਝੁਕਣ ਦਾ ਕੰਮ ਕੀਤਾ ਹੈ ਅਤੇ ਖ਼ਾਸ ਕਰਕੇ ਅਮਰੀਕਾ ਦੇ ਪ੍ਰਭਾਵ ਹੇਠ ਭਾਰਤ ਦੀ ਊਰਜਾ ਨੀਤੀ ਨੂੰ ਚਲਣ ਦਿੱਤਾ ਹੈ, ਜੋ ਕਿ 1.4 ਅਰਬ ਦੀ ਆਬਾਦੀ ਵਾਲੇ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਦਸ ਸਾਲਾਂ ਵਿੱਚ ਭਾਰਤ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਨਾਕਾਮ ਤੇ ਦਿਸ਼ਾਹੀਣ ਸਾਬਤ ਹੋਈ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਗੁਰਪ੍ਰੀਤ ਸਿੰਘ ਵਿੱਕੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰਾਂ ਦੀ ਸਪਲਾਈ ਤੁਰੰਤ ਸੁਧਾਰੀ ਜਾਵੇ, ਆਨਲਾਈਨ ਬੁਕਿੰਗ ਮੁੜ ਸ਼ੁਰੂ ਕੀਤੀ ਜਾਵੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਗੈਸ ਸਿਲੰਡਰਾ ਤੇ ਕਾਲਾ ਬਜ਼ਾਰੀ ਕਰਨ ਵਾਲੇ ਲੋਕਾਂ ਨੂੰ ਨੱਥ ਪਾਉਣ ਦੀ ਗੱਲ ਕਹਿ ਤਾ ਜੋ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਖਤਮ ਕਰਨ ਲਈ ਫੌਰੀ ਕਦਮ ਚੁੱਕੇ ਜਾਣ।