ਪੱਤਰ ਪ੍ਰਰੇਰਕ, ਹੀਰੋਂ ਖੁਰਦ : ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੀਖੀ ਦੇ ਦਫ਼ਤਰ ਅੱਗੇ ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਭੀਖੀ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਗੁਰਵਿੰਦਰ ਸਿੰਘ ਨੇ ਮੰਗ ਕੀਤੀ ਕਿ ਮਗਨਰੇਗਾ ਕਰਮਚਾਰੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਤੇ ਪਿੰਡਾਂ 'ਚ 70 ਫ਼ੀਸਦੀ ਵਿਕਾਸ ਕਾਰਜ ਕੰਮ ਮਗਨਰੇਗਾ ਤਹਿਤ ਹੋ ਰਹੇ ਹਨ ਤੇ ਉਨ੍ਹਾਂ ਦੇ ਸਾਥੀਆਂ ਤੋਂ ਬੇਤਹਾਸ਼ਾ ਕੰਮ ਲਿਆ ਜਾ ਰਿਹਾ ਹੈ। ਜਿਸ ਕਰ ਕੇ ਉਨ੍ਹਾਂ ਨੂੰ ਪੰਚਾਇਤ ਵਿਭਾਗ 'ਚ ਲੈ ਕੇ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਈਪੀਐੱਫ ਕੱਟਿਆ ਜਾਵੇ ਤੇ ਉਨ੍ਹਾਂ ਨੂੰ ਪੱਕੇ ਕਰਮਚਾਰੀਆਂ ਵਾਂਗ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾਣ। ਸੂਬਾ ਸਰਕਾਰ ਵੱਲੋਂ ਤਨਖ਼ਾਹਾਂ ਦਾ ਬਜਟ ਰੱਖਿਆ ਜਾਵੇ ਤੇ ਮੌਤ ਹੋਣ ਤੋਂ ਬਾਅਦ ਸਾਰੇ ਫ਼ਾਇਦੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੀ ਪਾਲਸੀ ਵੀ ਅਮਲ 'ਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ 19 ਤੇ 20 ਸਤੰਬਰ ਨੂੰ ਧਰਨੇ ਦਿੱਤੇ ਜਾਣਗੇ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹਨਾਂ ਵੱਲੋਂ ਅਣਮਿਥੇ ਸਮੇਂ ਲਈ ਪੱਕੇ ਮੋਰਚੇ ਲਾਏ ਜਾਣਗੇ। ਇਸ ਮੌਕੇ ਸਰਬਜੀਤ ਕੌਰ ਮਾਖਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਝੱਬਰ, ਸਰਬਜੀਤ ਕੌਰ ਰੜ, ਗੁਰਦੀਪ ਸਿੰਘ, ਜਸ਼ਨਦੀਪ ਸਿੰਘ, ਗੁਰਦੀਪ ਸਿੰਘ, ਜਗਸੀਰ ਸਿੰਘ, ਰਾਜਪਾਲ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਮੌਜੂਦ ਸਨ।