ਨਾੜ ਸਾੜਨ ਵਾਲਿਆਂ 'ਤੇ ਰਹੇਗੀ ਤਿੱਖੀ ਨਜ਼ਰ : ਡੀਸੀ
ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ
Publish Date: Tue, 21 Apr 2026 07:42 PM (IST)
Updated Date: Wed, 22 Apr 2026 04:11 AM (IST)
* ਐੱਸਡੀਐੱਮ ਤੇ ਡੀਐੱਸਪੀ ਪਿੰਡਾਂ ’ਚ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ : ਭਾਗੀਰਥ ਸਿੰਘ ਮੀਨਾ
ਕੈਪਸ਼ਨ : ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਰਹਿੰਦ-ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ’ਚ ਆ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਦੀ ਸੰਭਾਲ ਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਨਾੜ ਸਾੜਨ ਦੀ ਪ੍ਰਥਾ ਨੂੰ ਰੋਕਣਾ ਲਾਜ਼ਮੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਮੁਸਤੈਦ ਰਹਿਣ ਤੇ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ। ਇਸ ਦੌਰਾਨ ਸਮੂਹ ਐੱਸਡੀਐੱਮ ਤੇ ਡੀਐੱਸਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਤੁਰੰਤ ਮੀਟਿੰਗਾਂ ਕਰਨ। ਇਹ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਨਾੜ ਨੂੰ ਸਾੜਨ ਦੀਆਂ ਵਧੇਰੇ ਘਟਨਾਵਾਂ ਸਾਹਮਣੇ ਆਈਆਂ ਸਨ, ਉੱਥੇ ਚੌਕਸੀ ਹੋਰ ਵਧਾਈ ਜਾਵੇਗੀ। ਖੇਤੀਬਾੜੀ, ਬਾਗਬਾਨੀ, ਸਹਿਕਾਰਤਾ, ਪੰਚਾਇਤੀ ਰਾਜ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ ਕਿਸਾਨਾਂ ਨੂੰ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਉਪਲਬਧ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਜਾਵੇ। ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ, ਐਸਡੀਐਮ ਹਰਜਿੰਦਰ ਸਿੰਘ ਜੱਸਲ (ਸਰਦੂਲਗੜ੍ਹ), ਐਸਡੀਐਮ ਗਗਨਦੀਪ ਸਿੰਘ (ਬੁਢਲਾਡਾ), ਐੱਸਪੀ ਪ੍ਰਦੀਪ ਸੰਧੂ, ਡੀਐੱਸਪੀ ਸਿਕੰਦਰ ਸਿੰਘ ਚੀਮਾ, ਮਨਜੀਤ ਸਿੰਘ, ਹਰਜਿੰਦਰ ਗਿੱਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।