ਬੇਸਹਾਰਾ ਪਸੂਆਂ ਦੀ ਸਮੱਸਿਆ ਦੇ ਹੱਲ ਦੀ ਕੀਤੀ ਮੰਗ
ਸ਼ਹਿਰ ਵਿੱਚ ਅਵਾਰਾ ਪਸ਼ੂਆਂ
Publish Date: Mon, 16 Feb 2026 08:18 PM (IST)
Updated Date: Tue, 17 Feb 2026 04:10 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਪਰ ਇਸ ਗੰਭੀਰ ਸਮੱਸਿਆ ਵੱਲ ਨਾ ਤਾਂ ਪ੍ਰਸ਼ਾਸਨ ਅਤੇ ਨਾ ਹੀ ਨਗਰ ਕੌਂਸਲ ਵੱਲੋਂ ਕੋਈ ਠੋਸ ਧਿਆਨ ਦਿੱਤਾ ਜਾ ਰਿਹਾ ਹੈ। ਭਾਵੇਂ ਕਿ ਲੋਕ ਲੰਬੇ ਸਮੇਂ ਤੋਂ ਅਵਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਇਲਾਕਾ ਵਾਸੀਆਂ ਨੇ ਕਿਹਾ ਕਿ ਅਵਾਰਾ ਪਸ਼ੂ ਸੜਕਾਂ ’ਤੇ ਝੁੰਡ ਬਣਾ ਕੇ ਹੁੜਦੰਗ ਮਚਾਉਂਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਇਹ ਪਸ਼ੂ ਕੂੜੇ ਦੇ ਢੇਰਾਂ ਕੋਲ ਇਕੱਠੇ ਹੋ ਕੇ ਸੜਕ ’ਤੇ ਆ ਜਾਂਦੇ ਹਨ ਅਤੇ ਲੰਘਦੇ ਵਾਹਨਾਂ ਨਾਲ ਟਕਰਾ ਜਾਂਦੇ ਹਨ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਦੀਪ ਸ਼ਰਮਾ ਨੇ ਦੱਸਿਆ ਕਿ ਕਈ ਇਲਾਕਿਆਂ ’ਚ ਬੇਸਹਾਰਾ ਪਸ਼ੂਆਂ ਦੇ ਝੁੰਡ ਬਣ ਜਾਂਦੇ ਹਨ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਗਲੀਆਂ ਵਿੱਚ ਖੇਡਣ ਸਮੇਂ ਚਿੰਤਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਪਸ਼ੂ ਆਪਸ ਵਿੱਚ ਭਿੜ ਪੈਂਦੇ ਹਨ ਤੇ ਲੋਕਾਂ ਨੂੰ ਸੱਟਾਂ ਵੀ ਮਾਰ ਦਿੰਦੇ ਹਨ। ਉੱਥੇ ਹੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਰਾਮਬਾਗ ਰੋਡ ’ਤੇ ਵੀ ਅਵਾਰਾ ਪਸ਼ੂਆਂ ਦੇ ਝੁੰਡ ਅਕਸਰ ਵੇਖਣ ਨੂੰ ਮਿਲਦੇ ਹਨ। ਇਹ ਪਸ਼ੂ ਆਪਸ ਵਿੱਚ ਲੜ ਪੈਂਦੇ ਹਨ, ਜਿਸ ਕਾਰਨ ਉਥੋਂ ਲੰਘਣ ਵਾਲੇ ਵਾਹਨ ਚਾਲਕ ਮੁਸ਼ਕਲ ਵਿੱਚ ਫਸ ਜਾਂਦੇ ਹਨ ਤੇ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਲੋਕਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।