
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਸਰਪੰਚੀ ਵੋਟਾਂ ਸਮੇਂ ਹੋਈ ਬਹਿਸਬਾਜ਼ੀ ਦੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਕਥਿਤ ਤੌਰ ’ਤੇ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਹਮਲਾ ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਸਰਪੰਚੀ ਵੋਟਾਂ ਸਮੇਂ ਹੋਈ ਬਹਿਸਬਾਜ਼ੀ ਦੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਕਥਿਤ ਤੌਰ ’ਤੇ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਹਮਲਾ ਕਰਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਜ਼ਿੰਦਾ ਸਮੇਤ ਕਰੀਬ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿੰਡ ਨੰਗਲ ਕਲਾਂ ਵਿੱਚ ਬੀਤੇ ਕੱਲ੍ਹ ਇੱਕ ਨੌਜਵਾਨ ਅਮਨਦੀਪ ਕੁਮਾਰ ਉਰਫ਼ ਮੰਗੂ ਨੂੰ ਪਿੰਡ ਵਿੱਚ ਹੀ ਘੇਰ ਕੇ ਮਾਰੂ ਹਥਿਆਰਾਂ ਦੇ ਨਾਲ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ਨੂੰ ਇਲਾਜ ਲਈ ਮਾਨਸਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸਨੂੰ ਰੈਫ਼ਰ ਬਠਿੰਡਾ ਲਈ ਕੀਤਾ ਗਿਆ ਤੇ ਰਸਤੇ ਵਿੱਚ ਹੀ ਜ਼ਖਮਾਂ ਦੀ ਤਾਵ ਨਾ ਸਹਾਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਮੌਤ ਤੋਂ ਪਹਿਲਾਂ ਅਮਨਦੀਪ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਉਸ ਨਾਲ ਕਥਿਤ ਤੌਰ ’ਤੇ ਮਾਰਕੁੱਟ ਕੀਤੇ ਜਾਣ ਦੀ ਗੱਲ ਕਹੀ ਸੀ। ਇਸ ਦੀ ਵਜ੍ਹਾ ਰੰਜਿਸ਼ ਅਮਨਦੀਪ ਨੇ ਸਰਪੰਚੀ ਵੋਟਾਂ ਵੇਲੇ ਉਸ ਦੀ ਉਸ ਸਮੇਂ ਸਰਪੰਚੀ ਦੇ ਉਮੀਦਵਾਰ ਰੇਸ਼ਮ ਸਿੰਘ ਨਾਲ ਬਹਿਸ ਬਾਜ਼ੀ ਹੋਈ ਸੀ ਇਸ ਕਰਕੇ ਹੀ ਹੁਣ ਸਰਪੰਚ ਰੇਸ਼ਮ ਨੇ ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕੀਤਾ ਹੈ।
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਦੀਪ ਆਪਣੇ ਘਰੇਲੂ ਕੰਮ ਕਾਜ ਲਈ ਸ਼ਹਿਰ ਆਇਆ ਸੀ ਅਤੇ ਵਾਪਿਸ ਜਦ ਪਿੰਡ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਪਿੰਡ ਦੇ ਹੀ ਸਰਪੰਚ ਅਤੇ ਉਸਦੇ ਸਾਥੀਆਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਉਸਦੀ ਕੁੱਟਮਾਰ ਕੀਤੀ ਜਿਸ ਬਾਅਦ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੋਂ ਉਸਨੂੰ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਤਾਂ ਰਸਤੇ ਵਿੱਚ ਅਮਨਦੀਪ ਦਮ ਤੋੜ ਗਿਆ। ਉਨ੍ਹਾਂ ਇਨਸਾਫ਼ ਦੀ ਮੰਗ ਕਰਦੇ ਹੋਏ ਤੁਰੰਤ ਸਰਪੰਚ ਸਮੇਤ ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ ਹੈ।
ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਮਨਦੀਪ ਕੁਮਾਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਪਹਿਲਾਂ ਭਾਰਤੀ ਦੰਡ ਸੰਹਿਤਾ ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਸੀ। ਇਲਾਜ ਦੌਰਾਨ ਅਮਨਦੀਪ ਦੀ ਮੌਤ ਹੋਣ ਤੋਂ ਬਾਅਦ ਮਾਮਲੇ ਵਿੱਚ ਕਤਲ ਦੀ ਧਾਰਾ 302 ਜੋੜ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।