ਕੁਲਜੀਤ ਸਿੰਘ ਸਿੱਧੂ, ਮਾਨਸਾ : 22 ਸਤੰਬਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ 'ਚ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਪਰਤ ਰਹੇ ਜ਼ਿਲ੍ਹਾ ਮਾਨਸਾ ਦੇ ਕਿਸਾਨਾਂ ਦੀ ਬੱਸ ਹਾਦਸਾਗ੍ਰਸਤ ਹੋਣ 'ਤੇ ਇਕ ਕਿਸਾਨ ਦੀ ਮੌਤ ਹੋ ਗਈ ਸੀ ਅਤੇ 15 ਦੇ ਕਰੀਬ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ। ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨ ਮਾਨਸਾ ਨਿਵਾਸੀ ਵਜ਼ੀਰ ਸਿੰਘ ਦੀ ਬੁੱਧਵਾਰ ਦੀ ਦੇਰ ਰਾਤ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਜ਼ਿਲ੍ਹਾ ਮਾਨਸਾ ਦੇ ਕਿਸਾਨਾਂ ਨਾਲ ਸਬੰਧਤ ਇੱਕ ਬੱਸ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਤੋਂ ਵਾਪਸ ਆਪਣੇ ਪਿੰਡ ਕਿਸ਼ਨਗੜ੍ਹ ਆ ਰਹੀ ਸੀ, ਜੋ ਪਿੰਡ ਕੋਟ ਫੱਤਾ ਨੇੜੇ ਹਾਦਸਾਗ੍ਰਸਤ ਹੋ ਗਈ ਸੀ। ਇਸ ਘਟਨਾ ਵਿੱਚ ਤਕਰੀਬਨ 15 ਕਿਸਾਨ ਜ਼ਖ਼ਮੀ ਹੋਏ ਸੀ ਅਤੇ ਪਿੰਡ ਕਿਸ਼ਨਗੜ੍ਹ ਨਾਲ ਸਬੰਧਤ ਮੁਖਤਿਆਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਵਿੱਚ ਜ਼ਖਮੀ ਹੋਏ ਕਿਸਾਨ ਵਜ਼ੀਰ ਸਿੰਘ ਦਾ ਮੈਕਸ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਸੀ। ਜਿਸਦੀ ਬੁੱਧਵਾਰ ਨੂੰ ਦੇਰ ਰਾਤ ਮੌਤ ਹੋ ਗਈ ਹੈ।

ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਮ ਸਿੰਘ ਭੈਣੀਬਾਘਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ।

Posted By: Susheel Khanna