- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਇੰਨਲਿਸਟਮੈਂਟ–ਆਊਟਸੋਰਸ ਤਾਲਮੇਲ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ, ਲੱਛਮਣ ਸਿੰਘ, ਜਗਦੀਪ ਸਿੰਘ ਅਤੇ ਗੁਰਜਿੰਦਰਪਾਲ ਸਿੰਘ ਨੇ ਐਲਾਨ ਕੀਤਾ ਕਿ 19 ਜੁਲਾਈ 2026 (ਦਿਨ ਐਤਵਾਰ) ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ (ਜਾਂ ਦਿੜ੍ਹਬਾ) ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇੰਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ ਤੇ ਦਿਹਾੜੀਦਾਰ ਕੈਟਾਗਰੀ ਅਧੀਨ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਸੂਬਾ ਪੱਧਰੀ ਰੈਲੀ ਉਪਰੰਤ ਪੂਰਅਮਨ ਰੋਸ ਮਾਰਚ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਅਨੁਸਾਰ ਸਥਾਈ ਪ੍ਰਕਿਰਤੀ ਦੇ ਕੰਮ ਲਈ ਸਥਾਈ ਰੁਜ਼ਗਾਰ ਦਿੱਤਾ ਜਾਣਾ ਚਾਹੀਦਾ ਹੈ। ਘੱਟੋ-ਘੱਟ ਉਜਰਤ ਐਕਟ, 1948 ਤੇ 15ਵੀਂ ਭਾਰਤੀ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਨਖ਼ਾਹ ਅਤੇ ਹੋਰ ਸੇਵਾ ਲਾਭ ਦਿੱਤੇ ਜਾਣ ਲਾਜ਼ਮੀ ਹਨ।
ਉਨ੍ਹਾਂ ਮੰਗ ਕੀਤੀ ਕਿ ਅਸੁਰੱਖਿਅਤ ਕੰਮਕਾਜ ਵਾਲੇ ਖੇਤਰਾਂ ਵਿੱਚ ਯੋਗ ਸੁਰੱਖਿਆ ਪ੍ਰਬੰਧ ਕੀਤੇ ਜਾਣ, ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ, ਪਰਿਵਾਰ ਦੇ ਇੱਕ ਮੈਂਬਰ ਨੂੰ ਪੱਕੀ ਨੌਕਰੀ ਦਿੱਤੀ ਜਾਵੇ ਅਤੇ ਈਪੀਐੱਫ, ਈਐੱਸਆਈਸੀ ਸਮੇਤ ਸਾਰੀਆਂ ਕਾਨੂੰਨੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ‘ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ–2026’ ਅਤੇ ‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ–2026’ ਵਿੱਚ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਕੈਟਾਗਰੀ ਅਧੀਨ ਕੰਮ ਕਰ ਰਹੇ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇੰਨਲਿਸਟਮੈਂਟ ਕੈਟਾਗਰੀ ਨੂੰ ਨਵੇਂ ਕਾਨੂੰਨ ਵਿੱਚ ਸ਼ਾਮਲ ਕਰਕੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੰਪਨੀਆਂ ਅਤੇ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਸਾਰੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਨੋਟੀਫ਼ਿਕੇਸ਼ਨ ਜਾਰੀ ਕਰਕੇ ਇੰਨਲਿਸਟਮੈਂਟ ਕੈਟਾਗਰੀ ਨੂੰ ਨਵੇਂ ਐਕਟ ਵਿੱਚ ਸ਼ਾਮਲ ਨਾ ਕੀਤਾ, ਤਾਂ ਇੰਨਲਿਸਟਮੈਂਟ–ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ 19 ਜੁਲਾਈ 2026 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਪੁਰਅਮਨ ਢੰਗ ਨਾਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਐਸੋਸੀਏਸ਼ਨ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਸਕੱਤਰ ਰਾਜੇਸ਼ ਕੁਮਾਰ, ਖ਼ਜ਼ਾਨਚੀ ਗਗਨਦੀਪ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ ਤੇ ਹੋਰ ਮੈਂਬਰ ਵੀ ਹਾਜ਼ਰ ਸਨ।