ਜਸਪ੍ਰੀਤ ਕੌਰ ਨੇ ਵਧਾਇਆ ਮਾਨਸਾ ਦਾ ਮਾਣ, ਇਲੈਕਟ੍ਰੀਕਲ ਟ੍ਰੇਡ ’ਚ ਆਲ ਇੰਡੀਆ ਟੌਪਰ ਬਣੀ ITI ਵਿਦਿਆਰਥਣ; ਸਰਕਾਰ ਵੱਲੋਂ 25 ਹਜ਼ਾਰ ਦਾ ਇਨਾਮ ਪੰਜਾਬ ਦੇ ਮਾਨਸਾ ਸਥਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI) ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟ੍ਰੇਡ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਉਪਲਬਧੀ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਨ੍ਹਾਂ ਦੇ ਟ੍ਰੇਨਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
Publish Date: Thu, 19 Nov 2026 02:55 PM (IST)
Updated Date: Thu, 19 Nov 2026 02:56 PM (IST)
ਰੋਹਿਤ ਕੁਮਾਰ, ਚੰਡੀਗੜ੍ਹ - ਪੰਜਾਬ ਦੇ ਮਾਨਸਾ ਸਥਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI) ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟ੍ਰੇਡ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਉਪਲਬਧੀ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਨ੍ਹਾਂ ਦੇ ਟ੍ਰੇਨਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਦੀ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੂਰੇ ਪੰਜਾਬ ਲਈ ਮਾਣ ਵਾਲਾ ਪਲ ਹੈ। ਜਸਪ੍ਰੀਤ ਦੀ ਮਿਹਨਤ, ਲਗਨ ਅਤੇ ਸਮਰਪਣ ਸੂਬੇ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਸਿਖਲਾਈ ਸੰਸਥਾਨਾਂ ਵਿੱਚ ਸਿੱਖਿਆ ਦੀ ਗੁਣਵੱਤਾ ਸੁਧਾਰਨ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਬੈਂਸ ਨੇ ਕਿਹਾ ਕਿ ਜਸਪ੍ਰੀਤ ਅਤੇ ਉਨ੍ਹਾਂ ਦੇ ਟ੍ਰੇਨਰ ਨੂੰ ਨਕਦ ਇਨਾਮ ਦੇਣ ਦਾ ਮਕਸਦ ਤਕਨੀਕੀ ਸਿੱਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਤੇ ਟ੍ਰੇਨਰਾਂ ਨੂੰ ਹੋਰ ਬਿਹਤਰ ਪ੍ਰਾਪਤੀਆਂ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਜਸਪ੍ਰੀਤ ਦੇ ਮਾਪਿਆਂ, ITI ਮਾਨਸਾ ਦੇ ਪ੍ਰਿੰਸੀਪਲ ਅਤੇ ਉਨ੍ਹਾਂ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਟ੍ਰੇਨਰਾਂ ਨੂੰ ਵੀ ਵਧਾਈ ਦਿੱਤੀ।
ਸਿੱਖਿਆ ਮੰਤਰੀ ਨੇ ਸੂਬੇ ਦੇ ਸਾਰੇ ITI ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਵੀਂ ਊਰਜਾ ਅਤੇ ਬਿਹਤਰ ਮਾਰਗਦਰਸ਼ਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਿੱਖਿਆ ਅਤੇ ਤਕਨੀਕੀ ਸਿਖਲਾਈ ਪੂਰੀ ਲਗਨ, ਦ੍ਰਿੜ੍ਹ ਇਰਾਦੇ ਅਤੇ ਮਿਹਨਤ ਨਾਲ ਹਾਸਲ ਕਰਨ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਵੀ ਜਸਪ੍ਰੀਤ ਕੌਰ ਦੀ ਪ੍ਰਾਪਤੀ ਨੂੰ ਪੂਰੇ ਵਿਭਾਗ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿਸ ਤਹਿਤ ਹਰ ਨੌਜਵਾਨ ਨੂੰ ਹੁਨਰ, ਆਤਮ-ਵਿਸ਼ਵਾਸ ਅਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਵਿਕਾਸ ਪ੍ਰਤਾਪ ਨੇ ਕਿਹਾ ਕਿ ਸੂਬਾ ਸਰਕਾਰ ITI ਵਿੱਚ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗਾਂ ਨਾਲ ਜੁੜੇ ਪਾਠਕ੍ਰਮਾਂ ਅਤੇ ਵਿਸ਼ੇਸ਼ ਮਾਰਗਦਰਸ਼ਨ ਰਾਹੀਂ ਲਗਾਤਾਰ ਸੁਧਾਰ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨ ਸਿਰਫ਼ ਰੁਜ਼ਗਾਰ ਹਾਸਲ ਕਰਨ ਲਈ ਹੀ ਤਿਆਰ ਨਾ ਹੋਣ, ਸਗੋਂ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਵੀ ਸਮਰੱਥ ਬਣ ਸਕਣ।