ਪਿੰਡ ਜਵਾਹਰਕੇ ਵਾਸੀ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਮਾਨਸਾ ਦੇ ਪਿੰਡ ਜਵਾਹਰਕੇ
Publish Date: Wed, 09 Sep 2026 07:51 PM (IST)
Updated Date: Thu, 10 Sep 2026 04:05 AM (IST)
* ਹਾਲਤ ਗੰਭੀਰ ਦੇਖਦੇ ਹੋਏ ਨੌਜਵਾਨ ਨੂੰ ਕੀਤਾ ਰਫ਼ੈਰ ਫ਼ੋਟੋ : 28 ਐਮਏਐਨ ਕੈਪਸ਼ਨ : ਜ਼ਖਮੀ ਨੌਜਵਾਨ ਦੀ ਤਸਵੀਰ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਪਿੰਡ ਜਵਾਹਰਕੇ ਵਿਖੇ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜਿਸ ਨੂੰ ਮਾਨਸਾ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਜ਼ਖਮੀ ਗਗਨਦੀਪ ਸਿੰਘ ਨੇ ਦੱਸਿਆ ਕਿ ਰੰਜਿਸ਼ ਕਾਰਨ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਪੁਲਿਸ ਥਾਣੇ ’ਚ ਉਨ੍ਹਾਂ ਦਾ ਸਮਝੌਤਾ ਵੀ ਹੋ ਗਿਆ ਸੀ ਪਰ ਉਸੇ ਗੱਲ ਨੂੰ ਲੈ ਕੇ ਅੱਜ ਮੁੜ ਉਨ੍ਹਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਦੇ ਪਿਤਾ ਸਰਦਾਰਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਨੌਜਵਾਨਾਂ ਨੇ ਪੁਰਾਣੀ ਤਕਰਾਰ ਨੂੰ ਲੈ ਅੱਜ ਉਨ੍ਹਾਂ ਦੇ ਪੁੱਤਰ ਨੂੰ ਦਿਨ-ਦਿਹਾੜੇ ਘੇਰ ਕੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਇੱਕ ਮਹੀਨਾ ਪਹਿਲਾਂ ਸ਼ਿਕਾਇਤ ਵੀ ਦਿੱਤੀ ਸੀ, ਪਰ ਕੋਈ ਵੀ ਕਾਰਵਾਈ ਨਹੀਂ ਹੋਈ ਜਿਸਦੇ ਚਲਦਿਆਂ ਅੱਜ ਉਨ੍ਹਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ, ਦੂਜੇ ਪਾਸੇ ਸਿਵਲ ਹਸਪਤਾਲ ਦੇ ਐੱਸਐੱਮਓ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਪਿੰਡ ਜਵਾਹਰਕੇ ਤੋਂ 18 ਸਾਲਾ ਗਗਨਦੀਪ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਹੈ। ਨੌਜਵਾਨ ਦੇ ਡੂੰਘੀਆਂ ਸੱਟਾਂ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ’ਚ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਗਗਨਦੀਪ ਸਿੰਘ ਵਾਸੀ ਜਵਾਹਰਕੇ ਦੇ ਦੋ ਜਣਿਆਂ ਨੇ ਸੱਟਾਂ ਮਾਰੀਆਂ ਹਨ। ਉਸ ਨੂੰ ਸਿਵਲ ਹਸਪਤਾਲ ਵਿਚੋਂ ਰੈਫ਼ਰ ਕਰ ਦਿੱਤਾ ਗਿਆ ਹੈ। ਜੋ ਵੀ ਜ਼ਖਮੀ ਗਗਨਦੀਪ ਸਿੰਘ ਬਿਆਨ ਲਿਖਾਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।