- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਦੇ ਵੀਆਈਪੀ ਰੋਡ ’ਤੇ ਇੱਕ ਵਿਅਕਤੀ ਦੀ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮੌਤ ਹੋਣ ਤੋਂ ਬਾਅਦ ਐਂਬੂਲੈਂਸ ਨਾ ਮਿਲਣ ’ਤੇ ਉਸ ਦੀ ਲਾਸ਼ ਤਿੰਨ ਪਹੀਆਂ ਵਾਲੀ ਰੇਹੜੀ ’ਤੇ ਲੱਦ ਕੇ ਹਸਪਤਾਲ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਦੇ ਵੀਆਈਪੀ ਰੋਡ ’ਤੇ ਇੱਕ ਵਿਅਕਤੀ ਦੀ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮੌਤ ਹੋਣ ਤੋਂ ਬਾਅਦ ਐਂਬੂਲੈਂਸ ਨਾ ਮਿਲਣ ’ਤੇ ਉਸ ਦੀ ਲਾਸ਼ ਤਿੰਨ ਪਹੀਆਂ ਵਾਲੀ ਰੇਹੜੀ ’ਤੇ ਲੱਦ ਕੇ ਹਸਪਤਾਲ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਸਿਹਤ ਕ੍ਰਾਂਤੀ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲੇ ਨੂੰ ਲੈ ਕੇ ਸਿਹਤ ਵਿਭਾਗ ਵਿੱਚ ਹਲਚਲ ਮੱਚ ਗਈ ਹੈ, ਜਦਕਿ ਵਿਰੋਧੀ ਧਿਰਾਂ ਵੱਲੋਂ ਵੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਮਿਲੇ ਵੇਰਵਿਆਂ ਅਨੁਸਾਰ ਮਾਨਸਾ ਦੇ ਵੀਆਈਪੀ ਰੋਡ ’ਤੇ ਲੰਘੀ ਰਾਤ ਕਰੀਬ 50 ਸਾਲਾ ਗੁਰਦੀਪ ਸਿੰਘ ਦੀ ਗੰਦੇ ਨਾਲੇ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਸਵੇਰ ਸਮੇਂ ਉਸ ਦੇ ਗੁਆਂਢੀ ਗੁਰਪ੍ਰੀਤ ਸਿੰਘ ਅਤੇ ਹੋਰ ਵਿਅਕਤੀਆਂ ਨੇ ਲਾਸ਼ ਨੂੰ ਨਾਲੇ ਵਿੱਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਲਾਸ਼ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਨਾਲ ਸੰਪਰਕ ਕੀਤਾ ਗਿਆ, ਪਰ ਕਾਫ਼ੀ ਕੋਸ਼ਿਸ਼ਾਂ ਦੇ ਬਾਵਜੂਦ ਐਂਬੂਲੈਂਸ ਨਾ ਪਹੁੰਚਣ ਕਾਰਨ ਉਨ੍ਹਾਂ ਨੂੰ ਮਜ਼ਬੂਰੀ ਵਿੱਚ ਰੇਹੜੀ ਦਾ ਸਹਾਰਾ ਲੈਣਾ ਪਿਆ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਰਾਹ ਜਾਂਦੀ ਇੱਕ ਰੇਹੜੀ ਨੂੰ ਰੋਕਿਆ ਅਤੇ ਲਾਸ਼ ਨੂੰ ਉਸ ’ਤੇ ਲੱਦ ਕੇ ਹਸਪਤਾਲ ਪਹੁੰਚਾਇਆ। ਗੁਰਪ੍ਰੀਤ ਸਿੰਘ ਅਤੇ ਹੋਰ ਸਮਾਜ ਸੇਵੀਆਂ ਨੇ ਪੰਜਾਬ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਤੱਕ ਉਪਲਬੱਧ ਨਹੀਂ ਹੁੰਦੀ ਅਤੇ ਰੇਹੜੀ ਦੀ ਵਰਤੋਂ ਕਰਨੀ ਪੈਂਦੀ ਹੈ ਤਾਂ ਸਿਹਤ ਸੇਵਾਵਾਂ ਦੀ ਜ਼ਮੀਨੀ ਹਕੀਕਤ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਇਸ ਘਟਨਾ ਨੂੰ ਲੈ ਕੇ ਸਿਹਤ ਵਿਭਾਗ ਮਾਨਸਾ ਦੀ ਕਿਰਕਿਰੀ ਹੋ ਰਹੀ ਹੈ। ਸਿਹਤ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ।
ਸਹਾਇਕ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਕਿਹਾ ਕਿ 108 ਐਂਬੂਲੈਂਸ ਸੇਵਾ ਹਰ ਸਮੇਂ ਉਪਲਬੱਧ ਹੁੰਦੀ ਹੈ। ਉਨ੍ਹਾਂ ਅਨੁਸਾਰ ਲਾਸ਼ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀਆਂ ਨੇ 108 ਐਂਬੂਲੈਂਸ ਨਾਲ ਸੰਪਰਕ ਨਹੀਂ ਕੀਤਾ ਸੀ। ਹਸਪਤਾਲ ਪ੍ਰਸ਼ਾਸਨ ਨੂੰ ਲਾਸ਼ ਰੇਹੜੀ ’ਤੇ ਹਸਪਤਾਲ ਪਹੁੰਚਣ ਤੋਂ ਬਾਅਦ ਹੀ ਇਸ ਬਾਰੇ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵਿਭਾਗ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ ਤਾਂ ਜੋ ਘਟਨਾ ਦੇ ਅਸਲ ਤੱਥ ਸਾਹਮਣੇ ਆ ਸਕਣ।
ਮਜੀਠੀਆ ਨੇ ਸਿਹਤ ਕ੍ਰਾਂਤੀ ’ਤੇ ਚੁੱਕੇ ਸਵਾਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਦੀ ਇਹ ਘਟਨਾ ਸਰਕਾਰ ਦੇ ਸਿਹਤ ਸੇਵਾਵਾਂ ਸਬੰਧੀ ਦਾਅਵਿਆਂ ਦੀ ਅਸਲ ਤਸਵੀਰ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲਾਸ਼ ਨੂੰ ਹਸਪਤਾਲ ਲਿਜਾਣ ਲਈ ਐਂਬੂਲੈਂਸ ਤੱਕ ਨਹੀਂ ਮਿਲਦੀ, ਉੱਥੇ ਰੇਹੜੀ ਦੀ ਵਰਤੋਂ ਕਰਨੀ ਪੈਂਦੀ ਹੈ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਸਿਹਤ ਕ੍ਰਾਂਤੀ ਵਿੱਚੋਂ ਐਂਬੂਲੈਂਸ ਗਾਇਬ ਹੋ ਗਈ ਅਤੇ ਉਸ ਦੀ ਥਾਂ ਰੇਹੜੀ ਨੇ ਲੈ ਲਈ ਹੈ।
ਬਾਕਸ
ਸੀਪੀਆਈ ਨੇ ਵੀ ਸਰਕਾਰ ਨੂੰ ਘੇਰਿਆ
ਸੀਪੀਆਈ ਦੇ ਜ਼ਿਲ੍ਹਾ ਸਕੱਤਰ ਮਾਨਸਾ ਕ੍ਰਿਸ਼ਨ ਚੌਹਾਨ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਵੱਡੇ ਦਾਅਵੇ ਦਿਖਾਏ ਜਾ ਰਹੇ ਹਨ, ਜਦਕਿ ਅਮਲੀ ਤੌਰ ’ਤੇ ਹਾਲਾਤ ਕੁਝ ਹੋਰ ਨਜ਼ਰ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਨੂੰ ਸਿਹਤ ਸੇਵਾਵਾਂ ਦੀ ਅਸਲ ਸਥਿਤੀ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਮਾਨਸਾ ਵਿੱਚ ਵਾਪਰੀ ਇਸ ਘਟਨਾ ਨੇ ਇੱਕ ਵਾਰ ਫਿਰ ਸਰਕਾਰੀ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਅਤੇ ਐਮਰਜੈਂਸੀ ਦੌਰਾਨ ਐਂਬੂਲੈਂਸ ਦੀ ਉਪਲਬੱਧਤਾ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਹੁਣ ਸਿਹਤ ਵਿਭਾਗ ਦੀ ਜਾਂਚ ਤੋਂ ਹੀ ਸਪੱਸ਼ਟ ਹੋਵੇਗਾ ਕਿ ਐਂਬੂਲੈਂਸ ਨਾ ਪਹੁੰਚਣ ਦੇ ਮਾਮਲੇ ਵਿੱਚ ਅਸਲ ਸਥਿਤੀ ਕੀ ਸੀ।