- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਲੱਗਾ ਧਰਨਾ ਲਗਾਤਾਰ ਜਾਰੀ ਹੈ। ਧਰਨੇ ਵਿੱਚ ਦੂਰ-ਦੁਰਾਡੇ ਤੋਂ ਲੋਕ ਪਹੁੰਚ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਲੱਗਾ ਧਰਨਾ ਲਗਾਤਾਰ ਜਾਰੀ ਹੈ। ਧਰਨੇ ਵਿੱਚ ਦੂਰ-ਦੁਰਾਡੇ ਤੋਂ ਲੋਕ ਪਹੁੰਚ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਹਾਲਾਂਕਿ, ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਵੀ ਪੋਸਟਮਾਰਟਮ ਅਤੇ ਸਸਕਾਰ ਸਬੰਧੀ ਸਹਿਮਤੀ ਨਹੀਂ ਬਣ ਸਕੀ। ਇਸ ਕਾਰਨ 13ਵੇਂ ਦਿਨ ਵੀ ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਨਹੀਂ ਹੋ ਸਕਿਆ।
ਲੋਕਾਂ ਦੇ ਰੋਸ ਦਰਮਿਆਨ ਝਾੜੂ ਫੂਕਣ ਦੇ ਸੱਦੇ ਤਹਿਤ ਵੱਖ-ਵੱਖ ਥਾਵਾਂ ’ਤੇ ਜਥੇਬੰਦੀਆਂ ਅਤੇ ਲੋਕਾਂ ਨੇ ਝਾੜੂ ਫੂਕੇ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਮਾਨਸ਼ਾਹੀਆ, ਗਗਨਦੀਪ ਸਿਰਸੀਵਾਲਾ, ਜਗਤਾਰ ਸਿੰਘ ਝੱਬਰ, ਪਰਮਿੰਦਰ ਸਿੰਘ ਬਾਲਿਆਂਵਾਲੀ, ਅਮਨ ਪਟਵਾਰੀ, ਰੂਬੀ ਮਾਨਸਾ ਅਤੇ ਹਰਦੀਪ ਸਿੰਘ ਸਿੱਧੂ ਹਾਜ਼ਰ ਸਨ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਸਿਰਸਾ, ਸਾਬਕਾ ਆਈਏਐੱਸ ਅਧਿਕਾਰੀ ਕਮਲਜੀਤ ਸਿੰਘ ਚੀਮਾ, ਸੁਖਦਰਸ਼ਨ ਸਿੰਘ ਨੱਤ, ਗੁਰਪ੍ਰੀਤ ਸਿੰਘ ਵਿੱਕੀ ਅਤੇ ਜਸਵਿੰਦਰ ਸਿੰਘ ਤਾਮਕੋਟ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ’ਤੇ ਰੋਕ ਨਾ ਲੱਗੀ ਤਾਂ ਸੂਬੇ ਦਾ ਭਵਿੱਖ ਬਰਬਾਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣਾ ਬੇਹੱਦ ਜ਼ਰੂਰੀ ਹੈ, ਨਹੀਂ ਤਾਂ ਆਉਣ ਵਾਲੀ ਪੀੜ੍ਹੀ ਸਾਨੂੰ ਮੁਆਫ਼ ਨਹੀਂ ਕਰੇਗੀ।