- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿਖੇ ਹੋਣ ਵਾਲੇ ਪ੍ਰੋਗਰਾਮ ਦੇ ਪਹਿਲਾਂ ਹੀ ਅੱਜ ਸਵਾਲ ਪੁੱਛਣ ਲਈ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਦੇ ਕਿਸਾਨ ਆਗੂਆਂ ਨੂੰ ਪ੍ਰੋਗਰਾਮ ਵਾਲੀ ਜਗ੍ਹਾ ਤੇ ਪਹੁੰਚਣ ਤੋਂ ਪਹਿਲਾਂ ਹੀ ਹਿਰਾਸਤ ‘ਚ ਲੈ ਲਿਆ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿਖੇ ਹੋਣ ਵਾਲੇ ਪ੍ਰੋਗਰਾਮ ਦੇ ਪਹਿਲਾਂ ਹੀ ਅੱਜ ਸਵਾਲ ਪੁੱਛਣ ਲਈ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਦੇ ਕਿਸਾਨ ਆਗੂਆਂ ਨੂੰ ਪ੍ਰੋਗਰਾਮ ਵਾਲੀ ਜਗ੍ਹਾ ਤੇ ਪਹੁੰਚਣ ਤੋਂ ਪਹਿਲਾਂ ਹੀ ਹਿਰਾਸਤ ‘ਚ ਲੈ ਲਿਆ। ਗ੍ਰਿਫ਼ਤਾਰੀ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਜਾਣਕਾਰੀ ਅਨੁਸਾਰ, ਪੁਲਿਸ ਵੱਲੋਂ ਹਿਰਾਸਤ ’ਚ ਲਏ ਗਏ ਕਿਸਾਨ ਆਗੂਆਂ ਨੂੰ ਬਾਅਦ ਵਿੱਚ ਬੁਢਲਾਡਾ ਥਾਣੇ ਵਿੱਚ ਰੱਖਿਆ ਗਿਆ। ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਉਹ ਖਨੌਰੀ ਬਾਰਡਰ ਤੋਂ ਚੋਰੀ ਹੋਏ ਟ੍ਰੈਕਟਰਾਂ, ਟਰਾਲੀਆਂ ਅਤੇ ਹੋਰ ਸਾਮਾਨ ਦੇ ਮਾਮਲੇ ਦੇ ਨਾਲ-ਨਾਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਮੁੱਖ ਮੰਤਰੀ ਕੋਲੋਂ ਸਵਾਲ ਪੁੱਛ ਕੇ ਜਵਾਬ ਲੈਣਾ ਚਾਹੁੰਦੇ ਸਨ।
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਕੇ ਜ਼ਬਰਦਸਤੀ ਪੁਲਿਸ ਗੱਡੀਆਂ ਵਿੱਚ ਬਿਠਾ ਲਿਆ। ਜਗਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪਹਿਲਾਂ ਆਪਣੇ ਆਪ ਨੂੰ ਆਮ ਲੋਕਾਂ ਦੀ ਪਾਰਟੀ ਦੱਸਦੇ ਸਨ ਅਤੇ ਕਹਿੰਦੇ ਸਨ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ, ਪਰ ਹੁਣ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਪ੍ਰੋਗਰਾਮਾਂ ਦੌਰਾਨ ਭਾਰੀ ਪੁਲਿਸ ਤਾਇਨਾਤ ਕੀਤੀ ਜਾਂਦੀ ਹੈ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਹਿਰਾਸਤ ’ਚ ਲਏ ਆਗੂਆਂ ਵਿੱਚ ਜਰਨੈਲ ਸਿੰਘ ਕਿਸ਼ਨਗੜ੍ਹ, ਡਾ. ਕਾਲਾ ਸਿੰਘ ਠੂਠਿਆਂਵਾਲੀ, ਸਿਕੰਦਰ ਸਿੰਘ, ਟੋਨੀ ਰਾਜ ਸਮੇਤ ਕਰੀਬ 21 ਕਿਸਾਨ ਆਗੂ ਸ਼ਾਮਲ ਹਨ। ਕਿਸਾਨ ਆਗੂਆਂ ਨੇ ਹਿਰਾਸਤ ’ਚ ਲਏ ਜਾਣ ‘ਤੇ ਇਸ ਨੂੰ ਲੋਕਤੰਤਰਿਕ ਹੱਕਾਂ ਦਾ ਘਾਣ ਦੱਸਦਿਆਂ ਸਰਕਾਰ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਇਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਕਰੇਗੀ। ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।