- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਸ਼ਹਿਰ ਵਿੱਚ ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਜੂਸ ਦੀ ਦੁਕਾਨ ਚਲਾਉਂਦਾ ਸੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਸ਼ਹਿਰ ਵਿੱਚ ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜੋ ਜੂਸ ਦੀ ਦੁਕਾਨ ਚਲਾਉਂਦਾ ਸੀ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਵਿੱਚ ਰਖਵਾਇਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਦੋ ਦੁਕਾਨਦਾਰਾਂ ਵਿਚਕਾਰ ਐਨਰਜੀ ਡਰਿੰਕ ਨੂੰ ਲੈ ਕੇ ਤਕਰਾਰ ਹੋ ਗਈ। ਦੋਸ਼ ਹੈ ਕਿ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਸਬੰਧਤ ਕੰਪਨੀ ਦਾ ਡਿਸਟ੍ਰੀਬਿਊਟਰ ਦੱਸਦਿਆਂ ਰਾਕੇਸ਼ ਕੁਮਾਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਲੱਗੀਆਂ ਗੰਭੀਰ ਸੱਟਾਂ ਕਾਰਨ ਰਾਕੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਦੇ ਹੀ ਥਾਣਾ ਸਿਟੀ - 2 ਦੇ ਐਸਐਚਓ ਗੁਰਤੇਜ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ਦੇ ਡਾ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਹਸਪਤਾਲ ਲਿਆਂਦੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।