- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰ ਵਿਰੋਧੀ ਕਿਰਤ ਕੋਡ

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ : ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕਰਨ ਮਜ਼ਦੂਰ ਪੱਖੀ ਲਹੂ ਭਿਜਵੇਂ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਕਾਨੂੰਨ ਬਹਾਲ ਕਰਵਾਉਣ ਲਈ ਜਨਤਕ ਜੱਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐੱਮਓ) ਵੱਲੋਂ ਰੈਲੀ ਕੀਤੀ ਗਈ। ਜੇਪੀਐੱਮਓ ਦੇ ਜ਼ਿਲ੍ਹਾ ਆਗੂ ਸਾਥੀ ਆਤਮਾ ਰਾਮ ਸਰਦੂਲਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਅਤੇ ਪੰਜਾਬ ਦੀ ‘ਆਪ’ ਸਰਕਾਰ ਸਮੇਤ ਵੰਨ-ਸੁਵੰਨੀਆਂ ਪ੍ਰਾਂਤਕ ਸਰਕਾਰਾਂ ਵੱਲੋਂ ਧੜਾਧੜ ਲਾਗੂ ਕੀਤੇ ਜਾ ਰਹੇ ਕਿਰਤ ਕੋਡ ਕਿਰਤੀਆਂ ਨੂੰ ਬੰਧੂਆ ਮਜ਼ਦੂਰ ਬਣਾ ਕੇ ਰੱਖਣਾ ਕਾਰਪੋਰੇਟਾਂ ਦੀ ਸਾਜ਼ਿਸ ਹੈ। ਉਨ੍ਹਾਂ ਕੇਂਦਰ ਸਰਕਾਰ ਉਪਰ ਦੋਸ਼ ਲਾਇਆ ਕਿ ਉਦਯੋਗਾਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਉਣ ਲਈ ਪੇਂਡੂ ਖ਼ੇਤਰ ਦੇ ਮਜ਼ਦੂਰਾਂ ਨੂੰ ਸੀਮਤ ਦਿਨਾਂ ਲਈ ਰੁਜ਼ਗਾਰ ਦੀ ਗਰੰਟੀ ਕਰਨ ਵਾਲੇ ਮਨਰੇਗਾ ਕਾਨੂੰਨ ਦਾ ਭੋਗ ਪਾ ਦਿੱਤਾ ਹੈ।
ਇਸ ਲਈ ਅੱਜ ਦੇ ਦਿਨ ਨੂੰ ਪੂਰੇ ਦੇਸ਼ ਵਿਚ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਸੀਟੀਯੂ ਦੇ ਸੂਬਾਈ ਆਗੂ ਸਾਥੀ ਲਾਲ ਚੰਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਬੀਜ ਐਕਟ 2025 ਬਿਜਲੀ ਸੋਧ ਬਿੱਲ 2025, ਰਾਹੀਂ ਕੇਂਦਰ ਸਰਕਾਰ ਫੈੱਡਰਲ ਅਧਿਕਾਰਾਂ ਦਾ ਖਾਤਮਾ ਕਰਨਾ ਚਾਹੁੰਦੀ ਹੈ। ਖੇਤੀ ਸੈਕਟਰ ਨੂੰ ਬਹੁ ਕੌਮੀ ਕੰਪਨੀਆਂ ਤੇ ਪੂੰਜੀਪਤੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਕਰੋੜਾਂ ਗਰੀਬ ਖਪਤਕਾਰਾਂ ਦੇ ਘਰਾਂ ਵਿੱਚ ਹਨੇਰਾ ਕਰਨਾ ਚਾਹੁੰਦੀ ਹੈ। ਇਸ ਮੌਕੇ ਕੇਂਦਰ ਸਰਕਾਰ, ਪੰਜਾਬ ਦੀ ‘ਆਪ’ ਸਰਕਾਰ ਦੇ ਮਜ਼ਦੂਰ ਵਿਰੋਧੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।