ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਨੇ ਜ਼ਿਲ੍ਹਾ ਸਕੇਟਿੰਗ ਮੁਕਾਬਲਿਆਂ ’ਚ ਮਾਰੀ ਬਾਜ਼ੀ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਵਿਖੇ
Publish Date: Mon, 07 Sep 2026 06:16 PM (IST)
Updated Date: Mon, 07 Sep 2026 06:16 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਐਮਬੀ ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਦੀ ਰਹਿਨੁਮਾਈ ਹੇਠ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੀਤੇ ਦਿਨੀਂ ਸਿੰਘਲ ਸਟਾਰ ਸਕੂਲ, ਮਾਨਸਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਐੱਮਬੀ ਇੰਟਰਨੈਸ਼ਨਲ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀ ਸੁਖਮਨਦੀਪ ਸਿੰਘ, ਰਵਨੀਤ ਕੌਰ ਅਤੇ ਜੰਨਤ ਕੌਰ ਨੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ, ਜਦਕਿ ਗੁਰਬਾਜ ਸਿੰਘ ਨੇ ਦੂਜੀ ਤੇ ਮਨਸੀਰਤ ਕੌਰ ਨੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਵਿਤਾ ਕਾਠ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜਿੱਤ ਲਈ ਲਗਨ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਲਈ ਸਕੂਲ ਦੇ ਡੀਪੀਈ ਮਨਜੋਤ ਸਿੰਘ ਨੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਸਕੂਲ ਦੇ ਫਿਜ਼ੀਕਲ ਵਿਭਾਗ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਸਦਕਾ ਇਹ ਸ਼ਾਨਦਾਰ ਜਿੱਤ ਹਾਸਲ ਹੋਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਡੀਪੀਈ ਅਤੇ ਸਮੂਹ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।