ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨੀ
Publish Date: Thu, 10 Sep 2026 04:47 PM (IST)
Updated Date: Fri, 11 Sep 2026 04:02 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਮੋਰਚੇ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਨਾਲ ਸਬੰਧਤ ਕਿਸਾਨੀ ਮੰਗਾਂ ਮੰਨੇ ਜਾਣ ਬਾਅਦ ਪਿੰਡਾਂ ਅਤੇ ਘਰਾਂ ਨੂੰ ਪਰਤੇ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਆਪੋ ਆਪਣੇ ਪਿੰਡ ਵਾਸੀਆਂ ਵੱਲੋਂ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸੂਬਾ ਅਨੁਸਾਸ਼ਨੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਤੇ ਪ੍ਰਧਾਨ ਜ਼ਿਲ੍ਹਾ ਮਾਨਸਾ ਪਰਮਜੀਤ ਸਿੰਘ ਗਾਗੋਵਾਲ ਨੇ ਕਿਹਾ ਕਿ 6 ਸਤੰਬਰ ਦੀ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਵੱਲੋਂ ਸੰਯੁਕਤ ਕਿਸਾਨ ਮੋਰਚਾ ਕਮੇਟੀ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਵਾਰੇ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ 30 ਸਤੰਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਾਂ ਨੂੰ ਅਮਲੀ ਰੂਪ ’ਚ ਪਾਸ ਕਰ ਕੇ ਲਾਗੂ ਕੀਤਾ ਜਾਵੇਗਾ। ਇਸ ਬਾਰੇ 7 ਸਤੰਬਰ ਨੂੰ ਇੱਕ ਲਿਖਤੀ ਪੱਤਰ ਵੀ ਮੋਹਰ ਅਤੇ ਦਸਖਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਕਮੇਟੀ ਨੂੰ ਸੌਂਪਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੇ ਆਕੇ ਖੁਦ ਗੁਰਮੀਤ ਸਿੰਘ ਖੁਡੀਆਂ ਨੇ ਮੰਨੀਆਂ ਮੰਗਾਂ ਲਾਗੂ ਕਰਨ ਵਾਰੇ ਐਲਾਨ ਕਰਕੇ ਵਿਸ਼ਵਾਸ ਵੀ ਦਿਵਾਇਆ। ਜਿਸ ਬਾਅਦ ਬਕਾਇਦਾ ਨਾਅਰਿਆਂ ਦੀ ਗੂੰਜ ’ਚ ਧਰਨੇ ਦੀ ਸਮਾਪਤੀ ਕੀਤੀ ਗਈ। ਇਸ ਸਮੇਂ ਨਾਜ਼ਰ ਸਿੰਘ, ਮਹਿੰਦਰ ਸਿੰਘ, ਜਗਜੀਤ ਸਿੰਘ, ਸਰਦੂਲ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ ਖਿਆਲਾ, ਮਲਕੀਤ ਸਿੰਘ ਗਾਗੋਵਾਲ, ਮਹਿੰਦਰ ਸਿੰਘ, ਬੰਤ ਸਿੰਘ, ਨਛੱਤਰ ਸਿੰਘ ਭੋਲਾ ਸਿੰਘ ਗੁੜੱਦੀ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।