ਭਾਕਿਯੂ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ
ਕਿਸਾਨ ਮੋਰਚੇ ਵੱਲੋਂ 6 ਅਪ੍ਰੈਲ ਨੂੰ ਜ਼ਿਲ੍ਹਾ
Publish Date: Fri, 27 Mar 2026 06:47 PM (IST)
Updated Date: Sat, 28 Mar 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਕਿਸਾਨ ਮੋਰਚੇ ਵੱਲੋਂ 6 ਅਪ੍ਰੈਲ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਕਮੇਟੀ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜੁੜੇ ਆਗੂਆਂ ਨੂੰ ਸੰਬੋਧਨ ਕਰਦਿਆਂ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਧਰਨੇ ਦੌਰਾਨ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਕਿਸਾਨ, ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਕੇ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨੂੰ ਰੋਕਿਆ ਜਾਵੇ, ਹਰ ਖੇਤ ਨੂੰ ਨਹਿਰੀ ਪਾਣੀ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਨਵੇਂ ਬਿਜਲੀ ਐਕਟ ਅਤੇ ਬੀਜ ਬਿੱਲ ਨੂੰ ਨਾ ਲਿਆਂਦਾ ਜਾਵੇ, ਬਿਜਲੀ ਖਪਤਕਾਰਾਂ ਦੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਸੰਘਰਸ਼ ਕਿਸਾਨ, ਮਜ਼ਦੂਰਾਂ ਤੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਜਬਰ ਦਾ ਕੁਹਾੜਾ ਬੰਦ ਕੀਤਾ ਜਾਵੇ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਹਾਲਤ ਤਰਸਯੋਗ ਹੈ। ਧਰਤੀ ਹੇਠਲਾ ਪਾਣੀ ਮਾੜਾ ਹੋਣ ਕਾਰਨ ਅਤੇ ਨਹਿਰੀ ਪਾਣੀ ਪੂਰ੍ਹੀ ਮਾਤਰਾ ਵਿੱਚ ਨਾ ਮਿਲਣ ਕਾਰਨ ਫ਼ਸਲਾਂ ਦੇ ਝਾੜ ਵਿੱਚ ਅਸਰ ਪੈ ਰਿਹਾ ਹੈ। ਕੁਦਰਤੀ ਆਫ਼ਤਾਂ, ਨਕਲੀ ਬੀਜਾਂ ਅਤੇ ਨਕਲੀ ਸਪਰੇਹਾਂ ਕਰਕੇ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ ਪਰ ਕਦੇ ਵੀ ਸਰਕਾਰ ਨੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਕੀਤੀ, ਇਸ ਕਾਰਨ ਖੁਦਕੁਸ਼ੀਆਂ ਹੋ ਰਹੀਆਂ ਹਨ। ਕੁੱਝ ਦਿਨ ਪਹਿਲਾਂ ਕਰਜ਼ੇ ਕਾਰਨ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਦੇ ਦੋ ਸਕੇ ਭਰਾਵਾਂ ਨੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਪਰ ਪੰਜਾਬ ਸਰਕਾਰ ਚੁੱਪ ਹੈ। ਇਸ ਮੌਕੇ ਇੰਦਰਜੀਤ ਸਿੰਘ, ਭੋਲਾ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਉੱਤਮ ਸਿੰਘ, ਬਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।