ਡੀਜੀਜੀਆਈਟੀ ਦਫ਼ਤਰ ਮੁਹਾਲੀ ਦੇ ਘਿਰਾਓ ਤੋਂ ਬਾਅਦ ਮੀਟਿੰਗ ਤੈਅ, ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ
Publish Date: Thu, 29 Oct 2026 04:26 PM (IST)
Updated Date: Thu, 29 Oct 2026 04:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਮੁਲਾਜ਼ਮਾਂ ਦੇ ਕਥਿਤ ਸ਼ੋਸ਼ਣ ਵਿਰੁੱਧ ਅੱਜ ਡੀਜੀਜੀਆਈਟੀ ਦਫ਼ਤਰ ਮੁਹਾਲੀ ਦਾ ਘਿਰਾਓ ਕੀਤਾ ਗਿਆ। ਪਿਛਲੀਆਂ ਕਈ ਮੀਟਿੰਗਾਂ ਬੇਸਿੱਟਾ ਰਹਿਣ ਬਾਅਦ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੁਝ ਮੰਗਾਂ ਨੂੰ ਅੱਗੇ ਵਧਾਇਆ ਗਿਆ ਅਤੇ ਅਗਲੀ ਮੀਟਿੰਗ 3 ਨਵੰਬਰ 2026 ਨੂੰ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ-2 ਚੰਡੀਗੜ੍ਹ ਵਿਖੇ ਤੈਅ ਕੀਤੀ ਗਈ। ਯੂਨੀਅਨ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਤਨਖ਼ਾਹਾਂ ਵਿਚ ਕਟੌਤੀਆਂ, ਤਨਖ਼ਾਹ ਵਾਧੇ ਦੀ ਘਾਟ ਤੇ ਨੌਕਰੀ ਦੀ ਅਸੁਰੱਖਿਆ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਯੂਨੀਅਨ ਦੀ ਮੰਗ ਹੈ ਕਿ ਸੇਵਾ ਕੇਂਦਰਾਂ ਨੂੰ ਸਰਕਾਰੀ ਪ੍ਰਬੰਧ ਹੇਠ ਲਿਆਂਦਾ ਜਾਵੇ ਤੇ ਮੁਲਾਜ਼ਮਾਂ ਦੇ ਹੱਕ ਯਕੀਨੀ ਬਣਾਏ ਜਾਣ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੀ ਮੀਟਿੰਗ ਵੀ ਬੇਸਿੱਟਾ ਰਹਿੰਦੀ ਹੈ ਤਾਂ ਪੰਜਾਬ ਪੱਧਰ ’ਤੇ ਵਿਸ਼ੇਸ਼ ਰੈਲੀ ਤੇ ਸੰਘਰਸ਼ੀ ਸਮਾਗਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਪੂਰਨ ਰਾਜਨੀਤਿਕ ਅਤੇ ਸਮਾਜਿਕ ਬਾਈਕਾਟ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਪੰਜਾਬ ਭਰ ਦੇ ਸੇਵਾ ਕੇਂਦਰ ਆਪਰੇਟਰ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਸਮੇਤ ਸ਼ਮੂਲੀਅਤ ਕਰਨਗੇ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਨੂੰ ਸਿਰਫ਼ ਭਰੋਸੇ ਦੇਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।