- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ

-ਕਿਹਾ, ਅਧਿਆਪਕ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ’ਚ ਕੋਈ ਕਸਰ ਨਾ ਛੱਡਣ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਪੀ ਐਮ ਸ਼੍ਰੀ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ 'ਤੇ ਸਿਰਫ਼ ਪੜ੍ਹਾਈ ਦਾ ਬੋਝ ਨਾ ਪਾਓ, ਸਗੋਂ ਉਨ੍ਹਾਂ ਦੇ ਹੁਨਰ ਨੂੰ ਪਛਾਣਨ ਵਿੱਚ ਅਧਿਆਪਕਾਂ ਦੀ ਮਦਦ ਕਰੋ। ਅਧਿਆਪਕਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੇ ਅਸਲ ਮਾਰਗਦਰਸ਼ਕ ਹਨ। ਉਨ੍ਹਾਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ), ਖਿਆਲਾ ਕਲਾਂ ਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਲਈ ਇਕੱਠੇ ਮਿਲ ਕੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਮਾਪੇ ਅਤੇ ਅਧਿਆਪਕ ਮਿਲ ਬੈਠ ਕੇ ਬੱਚਿਆਂ ਦੀ ਪੜ੍ਹਾਈ ਅਤੇ ਵਿਹਾਰ ਬਾਰੇ ਗੱਲਬਾਤ ਕਰਦੇ ਹਨ ਤਾਂ ਇਸ ਨਾਲ ਬੱਚਿਆਂ ਦੀ ਪ੍ਰਗਤੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸੰਪੂਰਨ ਪ੍ਰਗਤੀ ਬਾਰੇ ਜਾਣੂ ਕਰਵਾਉਂਦਿਆਂ ਰਿਪੋਰਟ ਕਾਰਡਾਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ। ਇਸ ਤੋਂ ਇਲਾਵਾ ਮਿਲਣੀ ਦੌਰਾਨ ਲੜਕੀਆਂ ਦੀ ਸਿਹਤ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਐਚ.ਪੀ.ਵੀ. ਟੀਕਾਕਰਨ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸ ਦੇ ਲਾਭ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਪੀ ਐਮ ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਸੰਘਾ ਅਤੇ ਸਰਕਾਰੀ ਸੈਕੰਡਰੀ ਸਕੂਲ ਮੀਰਪੁਰ ਕਲਾਂ ਵਿਖੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਹੋਰ ਮਾਪਿਆਂ ਨੂੰ ਵੀ ਪ੍ਰੇਰਿਤ ਕਰਨ।
ਉਨ੍ਹਾਂ ਦੱਸਿਆ ਕਿ ਹੁਣ ਬੱਚਿਆਂ ਦੀ ਹਾਜ਼ਰੀ ਸੰਬੰਧੀ ਜਾਣਕਾਰੀ ਮਾਪਿਆਂ ਤੱਕ ਐੱਸਐੱਮਐੱਸ ਰਾਹੀਂ ਭੇਜੀ ਜਾਵੇਗੀ, ਜਿਸ ਨਾਲ ਮਾਪੇ ਆਪਣੇ ਬੱਚਿਆਂ ਦੀ ਸਕੂਲ ਹਾਜ਼ਰੀ ਬਾਰੇ ਤੁਰੰਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਬੱਚਿਆਂ ਦੀ ਨਿਯਮਿਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।
ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ ਅਤੇ ਸਕੂਲ ਦੇ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲਾਂ ਵਿੱਚ ਹੋਈ ਇਸ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਮਾਪਿਆਂ ਵੱਲੋਂ ਭਰਪੂਰ ਸਹਿਯੋਗ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਹਾਜ਼ਰੀ ਲਗਾ ਕੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲੀ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ, ਭੀਖੀ, ਵਰਿੰਦਰ ਸੋਨੀ ਵੀ ਮੌਜੂਦ ਸਨ।