- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ

-ਹਦਾਇਤਾਂ ਜਾਰੀ, ਕੁਝ ਥਾਵਾਂ ’ਤੇ ਵਿਕਾਸ ਕੰਮਾਂ ’ਚ ਦੇਰੀ ਦਾ ਲਿਆ ਗੰਭੀਰ ਨੋਟਿਸ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਵੱਲੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀਸੀਬੀ (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫ਼ਾਟਕ ਰੋਡ ’ਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਿਤ ਠੇਕੇਦਾਰਾਂ ਖਿਲਾਫ਼ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ।
ਇੱਥੇ ਪਾਰਕਿੰਗ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੁੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਜਨਤਕ ਪੈਸੇ ਦੀ ਦੁਰਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਐਕਸੀਅਨ ਲੋਕ ਨਿਰਮਾਣ ਵਿਭਾਗ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫ਼ਸਰ ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।