ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਨ ਦੀ ਹਦਾਇਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ
Publish Date: Mon, 09 Feb 2026 06:46 PM (IST)
Updated Date: Tue, 10 Feb 2026 04:06 AM (IST)

-‘ਯੁੱਧ ਨਸ਼ਿਆਂ ਵਿਰੁੱਧ ਮੋਬਾਈਲ ਐਪ ਰਾਹੀਂ ਮੁਹਿੰਮ ਨੂੰ ਮਿਲ ਰਹੀ ਹੈ ਮਜ਼ਬੂਤੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਨਸ਼ਾਮੁਕਤ ਕਰਨ ਦੇ ਲਏ ਅਹਿਦ ਨੂੰ ਪੂਰਾ ਕਰਨ ਲਈ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਾਰਜਸ਼ੀਲ ਸਬ-ਡਵੀਜ਼ਨ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ’ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਤੇ ਭਵਿੱਖੀ ਰਣਨੀਤੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਿੱਲੀ ਚਾਹਲਾਂ, ਮੋਗਾ ਵਿਖੇ 16 ਫ਼ਰਵਰੀ ਨੂੰ ਹੋਣ ਵਾਲੀ ਪਿੰਡਾਂ ਦੇ ਪਹਿਰੇਦਾਰ ਮੈਗਾ ਮੀਟਿੰਗ ਸਬੰਧੀ ਵੀ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਡਾ. ਸਿੰਗਲਾ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਗਾ ਮੀਟਿੰਗ ’ਚ ਵਧ ਚੜ੍ਹ ਕੇ ਸ਼ਾਮਲ ਹੋਣ ਤਾਂ ਜੋ ਸੂਬੇ ਨੂੰ ਨਸ਼ਾਮੁਕਤ ਕਰਨ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ। ਡਾ. ਵਿਜੇ ਸਿੰਗਲਾ ਨੇ ਯੁੱਧ ਨਸ਼ਿਆਂ ਵਿਰੁੱਧ 2.0 ਮੋਬਾਈਲ ਐਪ ਦੀ ਸੁਚੱਜੀ ਤੇ ਪ੍ਰਭਾਵਸ਼ਾਲੀ ਵਰਤੋਂ ਤੇ ਜ਼ੋਰ ਦਿੱਤਾ। ਇਹ ਐਪ ਨਸ਼ਾ ਵਿਰੋਧੀ ਸਰਗਰਮੀਆਂ ਨੂੰ ਰੋਕਣ ਤੇ ਨਸ਼ਾ ਤਸਕਰਾਂ ਦੀ ਪੁਖ਼ਤਾ ਜਾਣਕਾਰੀ ਸਾਂਝੀ ਕਰਨ ’ਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਵਿਧਾਇਕ ਨੇ ਨਿਰਦੇਸ਼ ਦਿੱਤੇ ਕਿ ਪਿੰਡ ਅਤੇ ਵਾਰਡ ਪੱਧਰ ਤੱਕ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਜਿਸ ਨੂੰ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਜੜ੍ਹੋਂ ਪੁੱਟਿਆ ਜਾ ਸਕਦਾ ਹੈ। ਸਾਡਾ ਉਦੇਸ਼ ਸਿਰਫ਼ ਨਸ਼ਾ ਫੜਨਾ ਹੀ ਨਹੀਂ, ਸਗੋਂ ਨਸ਼ਾ ਪੀੜਤਾਂ ਨੂੰ ਇਸ ਦਲਦਲ ’ਚੋਂ ਕੱਢ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇ ਕੇ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ। ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਡੀਐੱਸਪੀ ਬੂਟਾ ਸਿੰਘ, ਥਾਣਾ ਮੁਖੀ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਈਓ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਮੇਜ ਸਿੰਘ ਸਮਾਊ, ਹਲਕਾ ਕੋਆਰਡੀਨੇਟਰ ਸ਼ਮਿੰਦਰ ਸਿੰਘ ਛਿੰਦਾ ਤੇ ਬਲਾਕ ਕੋਆਰਡੀਨੇਟਰਾਂ, ਕਾਰਜਸਾਧਕ ਅਫ਼ਸਰ ਮਾਨਸਾ ਕੁਲਦੀਪ ਸਿੰਘ, ਬੀਡੀਪੀਓ ਭੀਖੀ ਗੁਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।