ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਧਾਇਕ ਬਣਾਂਵਾਲੀ ਨੇ ਲਿਆ ਜਾਇਜ਼ਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
Publish Date: Tue, 10 Feb 2026 08:13 PM (IST)
Updated Date: Wed, 11 Feb 2026 04:15 AM (IST)
-ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਜਾਰੀ
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 2.0 ਤਹਿਤ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਬੱਚਤ ਭਵਨ ਵਿਖੇ 'ਹਲਕਾ ਪੱਧਰੀ ਤਾਲਮੇਲ ਕਮੇਟੀ' ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਪ੍ਰਗਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਫਰਵਰੀ ਨੂੰ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿੱਚ ਕਰਵਾਈ ਜਾ ਰਹੀ ਮੈਗਾ ਮੀਟਿੰਗ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ 96 ਪਿੰਡਾਂ ਅਤੇ 15 ਵਾਰਡਾਂ ਵਿੱਚ ਸਰਗਰਮ ਪੇਂਡੂ ਤੇ ਵਾਰਡ ਡਿਫੈਂਸ ਕਮੇਟੀਆਂ ਵਲੋਂ ਜ਼ਮੀਨੀ ਪੱਧਰ ਉੱਤੇ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਹ ਕਮੇਟੀਆਂ ਨਸ਼ਾ ਵੇਚਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ਉਤੇ ਪੁਲਿਸ ਪ੍ਰਸ਼ਾਸਨ ਨੂੰ ਫੌਰੀ ਸੂਚਿਤ ਕੀਤਾ ਜਾਂਦਾ ਹੈ ਅਤੇ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਨਾਕੇਬੰਦੀ ਹੋਰ ਸਖ਼ਤ ਕਰਨ ਤੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਦੁਸ਼ਮਣਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਮੀਟਿੰਗ ਵਿੱਚ ਮੌਜੂਦ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ। ਵਿਧਾਇਕ ਨੇ ਅਖੀਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਬਾਰੇ ਸਹੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ। ਮੀਟਿੰਗ ਦੌਰਾਨ ਐਡਵੋਕੇਟ ਪਰਮਿੰਦਰ ਸਿੰਘ ਬਹਿਣੀਵਾਲ ਹਲਕਾ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਵਾਈਸ ਕੋਆਰਡੀਨੇਟਰ, ਡੀਐੱਸਪੀ ਮਨਜੀਤ ਸਿੰਘ, ਬੀਡੀਪੀਓ ਸਰਦੂਲਗੜ੍ਹ ਰਾਜ ਕੁਮਾਰ, ਬੀਡੀਪੀਓ ਝੁਨੀਰ ਪਰਮਜੀਤ ਸਿੰਘ, ਬਲਾਕ ਕੋਆਰਡੀਨੇਟਰ ਤੇ ਪਾਰਟੀ ਵਰਕਰ ਵੀ ਮੌਜੂਦ ਸਨ।