ਵਿਧਾਇਕ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ
Publish Date: Wed, 01 Apr 2026 06:10 PM (IST)
Updated Date: Thu, 02 Apr 2026 04:07 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਹਲਕੇ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿੱਥੇ ਪਿਛਲੇ ਦਿਨ੍ਹੀਂ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਖੇਤੀਬਾੜੀ ਵਿਕਾਸ ਅਫ਼ਸਰ ਸੁਲੇਖ ਅਮਨ ਅਤੇ ਗੁਰਿੰਦਰਜੀਤ ਸਿੰਘ, ਬਾਗਬਾਨੀ ਵਿਭਾਗ ਦੇ ਮੁਖੀ ਵਿਪੇਸ਼ ਅਤੇ ਸਬੰਧਤ ਪਿੰਡਾਂ ਦੇ ਪਟਵਾਰੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਵਿਧਾਇਕ ਬਣਾਂਵਾਲੀ ਨੇ ਪਿੰਡ ਟਿੱਬੀ ਹਰੀ ਸਿੰਘ, ਮੀਰਪੁਰ ਖੁਰਦ, ਸਰਦੂਲੇ ਵਾਲਾ, ਕਾਹਨੇ ਵਾਲਾ, ਭੂੰਦੜ, ਰੁੜਕੀ, ਝੰਡਾ ਕਲਾਂ ਤੇ ਝੰਡਾ ਖੁਰਦ ਆਦਿ ਦੇ ਖੇਤਾਂ ਵਿੱਚ ਜਾ ਕੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਜ਼ਮੀਨੀ ਸਥਿਤੀ ਦੇਖੀ। ਮੌਕੇ ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਪੱਕਣ ਦੇ ਨੇੜੇ ਪਹੁੰਚੀ ਫ਼ਸਲ ਕੁਦਰਤੀ ਕਹਿਰ ਕਾਰਨ ਬਰਬਾਦ ਹੋ ਗਈ ਹੈ, ਜਿਸ ਨਾਲ ਉਨ੍ਹਾਂ ਦਾ ਵਿੱਤੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮੌਕੇ ਤੇ ਮੌਜੂਦ ਐਸਡੀਐਮ, ਖੇਤੀਬਾੜੀ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਪੋਰਟ ਬਿਨ੍ਹਾਂ ਕਿਸੇ ਦੇਰੀ ਦੇ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ। ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਅਸੀਂ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰਾ ਮਾਮਲਾ ਲਿਆਉਣਗੇ ਤਾਂ ਜੋ ਗਿਰਦਾਵਰੀ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਹੋ ਸਕਣ। ਵਿਧਾਇਕ ਨੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।