- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲਾਂ ਦੇ ਬੁਨਿਆਦੀ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਬੁਢਲਾਡਾ : ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੁੱਲ 32 ਲੱਖ 30 ਹਜ਼ਾਰ ਰੁਪਏ ਦੀ ਗ੍ਰਾਂਟ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਦਿਆਲਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾਤੇਵਾਸ ਵਿਖੇ ਤਿਆਰ ਕੀਤੇ ਗਏ ਵੋਕੇਸ਼ਨਲ ਐਜੂਕੇਸ਼ਨ ਕਲਾਸ ਰੂਮ-ਕਮ-ਵਰਕਸ਼ਾਪ ਅਤੇ ਦੋ ਕਲਾਸ ਰੂਮਾਂ ਦਾ ਉਦਘਾਟਨ ਕਰ ਕੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਬਲਬੀਰ ਸਿੰਘ ਚੇਅਰਮੈਨ ਬਲਾਕ ਸੰਮਤੀ ਬੁਢਲਾਡਾ, ਕੁਲਵੰਤ ਸਿੰਘ ਵਾਈਸ ਚੇਅਰਮੈਨ ਬਲਾਕ ਸੰਮਤੀ ਬੁਢਲਾਡਾ ਅਤੇ ਸਰਪੰਚ ਕੁਲਦੀਪ ਸਿੰਘ ਮੌਜੂਦ ਸਨ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਕੂਲਾਂ ਨੂੰ ਮੁੱਢਲੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਕੇ ਇੱਕ ਵਧੀਆ ਸਿੱਖਿਆਤਮਕ ਮਾਹੌਲ ਸਿਰਜਿਆ ਜਾ ਸਕਦਾ ਹੈ। ਅਜਿਹਾ ਮਾਹੌਲ ਵਿਦਿਆਰਥੀਆਂ ਦੀ ਤਰੱਕੀ ਲਈ ਰਾਹ ਪੱਧਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮਿਲਦੀਆਂ ਹਨ ਤਾਂ ਉਹ ਆਪਣੇ ਮਨਚਾਹੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕਲਿਆਣਕਾਰੀ ਅਤੇ ਲੋਕ-ਪੱਖੀ ਉਪਰਾਲਿਆਂ ਰਾਹੀਂ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਹੈੱਡਮਾਸਟਰ ਮਨਦੀਪ ਸਿੰਘ ਸਰਾਂ, ਇੰਚਾਰਜ ਪ੍ਰਿੰਸੀਪਲ ਅਸ਼ਵਨੀ ਕੁਮਾਰ, ਲੈਕਚਰਾਰ ਰਾਜ ਖਾਨ, ਸੀਐੱਚਟੀ ਕੁਲਵਿੰਦਰ ਸਿੰਘ, ਹੈੱਡ ਟੀਚਰ ਹਰਵਿੰਦਰ ਹੈਪੀ, ਤਰਸੇਮ ਸਿੰਘ ਬੋੜਾਵਾਲ, ਐੱਸਐੱਮਸੀ ਚੇਅਰਮੈਨ ਗੁਰਵਿੰਦਰ ਸਿੰਘ ਅਤੇ ਪੰਚ ਗੁਰਜੰਟ ਸਿੰਘ ਸਮੇਤ ਸਕੂਲ ਸਟਾਫ਼ ਹਾਜ਼ਰ ਸਨ।