ਬੋੜਾਵਾਲ ਅਤੇ ਬੀਰੋਕੇ ਕਲਾਂ ਵਿਖੇ ਨਵੇਂ ਸਟੇਡੀਅਮ ਦਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ ਉਦਘਾਟਨ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ
Publish Date: Sun, 30 Aug 2026 04:43 PM (IST)
Updated Date: Sun, 30 Aug 2026 04:46 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਨਵੇਂ ਤਿਆਰ ਕੀਤੇ ਗਏ ਸਟੇਡੀਅਮ ਦਾ ਉਦਘਾਟਨ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਦੀ ਸਰਪੰਚ ਸੁਖਜੀਤ ਕੌਰ ਦੇ ਪੁੱਤਰ ਲਖਵਿੰਦਰ ਸਿੰਘ ਲੱਖੀ, ਸਮੁੱਚੀ ਪੰਚਾਇਤ, ਪਾਰਟੀ ਵਰਕਰਾਂ, ਖਿਡਾਰੀਆਂ ਤੇ ਪਿੰਡ ਵਾਸੀਆਂ ਨੂੰ ਸਟੇਡੀਅਮ ਦੀ ਸੌਗਾਤ ਮਿਲਣ ’ਤੇ ਵਧਾਈ ਦਿੱਤੀ। ਇਸੇ ਤਰ੍ਹਾਂ ਪਿੰਡ ਬੀਰੋਕੇ ਕਲਾਂ ਵਿਖੇ 21 ਲੱਖ ਦੀ ਲਾਗਤ ਨਾਲ ਬਣੇ ਸਟੇਡੀਅਮ ਦਾ ਵੀ ਉਦਘਾਟਨ ਕੀਤਾ। ਬਲਾਕ ਪ੍ਰਧਾਨ ਜਗਸੀਰ ਸਿੰਘ, ਸਰਪੰਚ ਗੁਰਮੀਤ ਸਿੰਘ, ਸਤਗੁਰ ਸਿੰਘ, ਕ੍ਰਿਸ਼ਨ ਸਿੰਘ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਕੌਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਿੰਡ ਬੀਰੋਕੇ ਕਲਾਂ ਨੂੰ ਵਿਕਾਸ ਕਾਰਜਾਂ ਲਈ ਪਿਛਲੇ 4 ਸਾਲਾ ਵਿਚ 2 ਕਰੋੜ 80 ਲੱਖ ਦੀ ਗ੍ਰਾਂਟ ਜਾਰੀ ਕੀਤੀ ਹੈ। ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਖੇਡ ਮੈਦਾਨ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ-ਪਿੰਡ ਖੇਡ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਵਿਚੋਂ ਵੀ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਹੋ ਸਕਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ 2026 ਤੱਕ ਪਿਛਲੇ ਚਾਰ ਸਾਲਾਂ ਦੌਰਾਨ ਪਿੰਡ ਬੋੜਾਵਾਲ ਦੇ ਵਿਕਾਸ ਕਾਰਜਾਂ ਲਈ 1 ਕਰੋੜ 76 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰਾਂਟਾਂ ਰਾਹੀਂ ਪਿੰਡ ਵਿਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡ ਕ੍ਰਾਂਤੀ’ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਸਟੇਡੀਅਮ ਦਾ ਵੱਧ ਤੋਂ ਵੱਧ ਲਾਭ ਲੈਂਦਿਆਂ ਖੇਡਾਂ ਵਿੱਚ ਅੱਗੇ ਵਧਣ ਅਤੇ ਆਪਣੇ ਪਿੰਡ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਪਿੰਡ ਦੀ ਪੰਚਾਇਤ, ਪਾਰਟੀ ਵਰਕਰਾਂ, ਖਿਡਾਰੀਆਂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵੱਲੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕੀਤਾ ਗਿਆ।