ਹੱਕੀ ਮੰਗਾਂ ਲਈ ਮਨਰੇਗਾ ਕਰਮਚਾਰੀਆਂ ਦਾ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਗੂੰਜਿਆ ਰੋਸ ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ
Publish Date: Fri, 24 Jul 2026 06:50 PM (IST)
Updated Date: Sat, 25 Jul 2026 04:05 AM (IST)
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ ਮਾਨਸਾ : ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਮਾਨਸਾ ਵਿਖੇ ਮਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਤੁਰੰਤ ਲਾਗੂ ਕੀਤਾ ਜਾਵੇ। ਜ਼ਿਲ੍ਹਾ ਪ੍ਰਧਾਨ ਕਿਸ਼ੋਰ ਕੁਮਾਰ, ਸੂਬਾਈ ਆਗੂ ਸ਼ੁਭਪ੍ਰੀਤ ਸਿੰਘ ਖਿਆਲਾ ਅਤੇ ਏਪੀਓ ਰਾਜਪਾਲ ਕੌਰ ਬੀਰੋਕੇ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਪੇਂਡੂ ਵਿਕਾਸ ਅਤੇ ਮਨਰੇਗਾ ਸਕੀਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਕਰਮਚਾਰੀਆਂ ਨੂੰ ਨੌਕਰੀ ਦੀ ਅਸੁਰੱਖਿਆ, ਸਮੇਂ ਸਿਰ ਤਨਖ਼ਾਹ ਨਾ ਮਿਲਣਾ, ਬਕਾਇਆ ਰਾਸ਼ੀ ਅਤੇ ਹੋਰ ਪ੍ਰਸ਼ਾਸਨਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਯੂਨੀਅਨ ਦੇ ਸੂਬਾਈ ਆਗੂ ਝੰਡਾ ਸਿੰਘ ਸੰਘਰੇੜੀ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਭਰੋਸੇ ਦਿੱਤੇ ਗਏ, ਪਰ ਅਜੇ ਤੱਕ ਕਿਸੇ ਵੀ ਵਾਅਦੇ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਕਾਰਨ ਮਨਰੇਗਾ ਕਰਮਚਾਰੀਆਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਅਣਡਿੱਠਾ ਕਰਨਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮਨਰੇਗਾ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ। ਇਸ ਮੌਕੇ ਕੁਲਵਿੰਦਰ ਸਿੰਘ ਝੱਬਰ, ਰਾਜਨ, ਸਰਬਜੀਤ ਕੌਰ, ਜੁਗਰਾਜ ਸਿੰਘ ਮਘਾਣੀਆਂ, ਸੋਮ ਪ੍ਰਕਾਸ਼, ਕੁਲਦੀਪ ਸਿੰਘ ਬੋੜਾਵਾਲ, ਨਿਤੇਸ਼ ਕੁਮਾਰ, ਜਗਦੀਪ ਸਿੰਘ ਪਿਪਲੀਆਂ ਆਦਿ ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਇਕਜੁੱਟ ਹਨ ਅਤੇ ਜਦ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਸਮੂਹ ਮਨਰੇਗਾ ਕਰਮਚਾਰੀਆਂ ਨੂੰ ਏਕਤਾ ਬਣਾਈ ਰੱਖਣ ਅਤੇ ਯੂਨੀਅਨ ਦੇ ਸੱਦੇ ਤੇ ਹਰ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।