‘ਮਨਰੇਗਾ ਬਚਾਓ’ ਸੰਗਰਾਮ ਰੈਲੀ ਲਈ ਕਾਫ਼ਲਾ ਦਿੱਲੀ ਰਵਾਨਾ
ਕਾਂਗਰਸ ਦੇ ਸੀਨੀਅਰ ਨੇਤਾ ਗੁਰਪ੍ਰੀਤ ਸਿੰਘ ਵਿੱਕੀ
Publish Date: Sun, 11 Jan 2026 05:32 PM (IST)
Updated Date: Mon, 12 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਮਾਨਸਾ : ਭਾਜਪਾ ਸਰਕਾਰ ਜਾਣ-ਬੁੱਝ ਕੇ ਮਨਰੇਗਾ ਵਰਗੀ ਗਰੀਬ-ਹਿਤੈਸ਼ੀ ਯੋਜਨਾ ਨੂੰ ਅੰਦਰੋਂ-ਅੰਦਰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਭਾਜਪਾ ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਪਿੰਡਾਂ ਦੇ ਮਜ਼ਦੂਰਾਂ, ਦਲਿਤਾਂ, ਬੇਜ਼ਮੀਨ ਕਿਸਾਨਾਂ ਤੇ ਗਰੀਬ ਪਰਿਵਾਰਾਂ ਲਈ ਰੋਜ਼ਗਾਰ ਦੀ ਕਾਨੂੰਨੀ ਗਾਰੰਟੀ ਹੈ, ਪਰ ਕੇਂਦਰ ਸਰਕਾਰ ਵੱਲੋਂ ਫੰਡ ਰੋਕ ਕੇ, ਮਜ਼ਦੂਰੀ ਦੀ ਅਦਾਇਗੀ ਵਿੱਚ ਦੇਰੀ ਕਰਕੇ ਅਤੇ ਕੰਮ ਦੇ ਦਿਨ ਘਟਾ ਕੇ ਇਸ ਯੋਜਨਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਭਾਜਪਾ ਦੀ ਨੀਤੀ ਗਰੀਬ ਵਿਰੋਧੀ ਹੈ ਅਤੇ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬਾਂ ਦੇ ਹੱਕਾਂ ਨੂੰ ਕੁਚਲ ਰਹੀ ਹੈ। ਮਨਰੇਗਾ ਕੋਈ ਖੈਰਾਤ ਨਹੀਂ, ਸਗੋਂ ਗਰੀਬ ਲੋਕਾਂ ਦਾ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ, ਜਿਸਨੂੰ ਖੋਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਪਿੰਡਾਂ ਦੇ ਮਜ਼ਦੂਰ ਮਜ਼ਬੂਰੀ ਵਿੱਚ ਸ਼ਹਿਰਾਂ ਵੱਲ ਹਿਜਰਤ ਕਰਨ ਲਈ ਮਜ਼ਬੂਰ ਹੋ ਰਹੇ ਹਨ। ਇਹ ਸਰਕਾਰ ਮਜ਼ਦੂਰ ਵਿਰੋਧੀ ਅਤੇ ਗਰੀਬ ਵਿਰੋਧੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਮਨਰੇਗਾ ਬਚਾਓ ਅੰਦੋਲਨ ਨੂੰ ਹਰ ਪਿੰਡ, ਹਰ ਪੰਚਾਇਤ ਅਤੇ ਹਰ ਹਲਕੇ ਤੱਕ ਲੈ ਕੇ ਜਾਵੇਗੀ ਅਤੇ ਕੇਂਦਰ ਸਰਕਾਰ ਮਜ਼ਦੂਰਾਂ ਅਤੇ ਗਰੀਬਾਂ ਦੇ ਹੱਕ ਖੋਹਣ ਨਹੀਂ ਦੇਵੇਗੀ।