ਮੋਦੀ ਸਰਕਾਰ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਵੱਡੇ ਪੂੰਜੀਪਤੀਆਂ ਨੂੰ ਖੁਸ਼ ਕਰ ਰਹੀ : ਐਡਵੋਕੇਟ ਦਲਿਓਂ
ਇੱਥੋਂ ਨੇੜਲੇ ਬੀਰੋਕੇ ਕਲਾਂ ਵਿਖੇ ਮਨਰੇਗਾ
Publish Date: Thu, 08 Jan 2026 06:58 PM (IST)
Updated Date: Thu, 08 Jan 2026 07:00 PM (IST)

- ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ : ਬੀਰੋਕੇ ਕਲਾਂ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਮਨਰੇਗਾ ਕਾਨੂੰਨ ਵਿੱਚ ਸੋਧਾਂ ਕਰਨ ਵਿਰੁੱਧ ਅਤੇ ਇਸ ਕਾਨੂੰਨ ਦਾ ਨਾਮ ਬਦਲ ਕੇ ਵੀ.ਬੀ. ਜੀ ਰਾਮ ਜੀ ਰੱਖੇ ਜਾਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਨਰੇਗਾ ਮਜ਼ਦੂਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਸੀਪੀਆਈ (ਐੱਮ) ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓਂ ਅਤੇ ਮਨਰੇਗਾ ਮਜ਼ਦੂਰਾਂ ਦੇ ਆਗੂ ਸੰਦੀਪ ਸਿੰਘ ਬੀਰੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤੇ ਪੂੰਜੀਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਮਨਰੇਗਾ ਕਾਨੂੰਨ ਖ਼ਤਮ ਕਰ ਰਹੀ ਹੈ ਅਤੇ ਇਨ੍ਹਾਂ ਘਰਾਣਿਆਂ ਲਈ ਸਸਤੇ ਮਜ਼ਦੂਰ ਮੁਹੱਈਆ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਰਾਜਾਂ ਦਾ ਹਿੱਸਾ 40 ਫ਼ੀਸਦੀ ਕਰਨ ਨਾਲ ਇਸ ਕਾਨੂੰਨ ਤਹਿਤ ਕੰਮ ਨਹੀਂ ਮਿਲ ਸਕੇਗਾ ਕਿਉਂਕਿ ਦੇਸ਼ ਦੇ ਸੂਬੇ ਪਹਿਲਾਂ ਹੀ ਆਰਥਿਕ ਮੰਦਹਾਲੀ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਆੜ ਵਿੱਚ ਕੇਂਦਰ ਸਰਕਾਰ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਇਸ ਕਾਨੂੰਨ ਨੂੰ ਖਤਮ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਮੁੱਦੇ ਨੂੰ ਲੈ ਕੇ ਭਵਿੱਖ ਦੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਕਮਿਊਨਿਸਟ ਪਾਰਟੀਆਂ ਦੀਆਂ ਕੋਸ਼ਿਸ਼ਾਂ ਸਦਕਾ ਯੂਪੀਏ 1 ਦੀ ਸਰਕਾਰ ਵਿਚ ਲਿਆਂਦਾ ਗਿਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤਕ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਆਗੂਆਂ ਨੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਨ ਅਤੇ ਇਸ ਕਾਨੂੰਨ ਤਹਿਤ ਸਾਰੀ ਰਾਸ਼ੀ ਕੇਂਦਰ ਸਰਕਾਰ ਦੁਆਰਾ ਖਰਚ ਕਰਨ ਦੀ ਮੰਗ ਕੀਤੀ। ਇਸ ਮੌਕੇ ਪਰਮਜੀਤ ਕੌਰ ਮੈਂਬਰ ਪੰਚਾਇਤ, ਭੋਲਾ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਕੌਰ, ਸੰਦੀਪ ਸਿੰਘ, ਸਾਗਰ ਸਿੰਘ, ਮਨਜੀਤ ਕੌਰ, ਗੁਰਪਿਆਰ ਸਿੰਘ, ਰੋਹੀ ਸਿੰਘ, ਬਾਬੂ ਸਿੰਘ, ਬਲਦੇਵ ਸਿੰਘ, ਪਰਮਜੀਤ ਕੌਰ, ਮਨਪ੍ਰੀਤ ਕੌਰ, ਮਿੱਠੂ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।