ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ ਫ਼ੀਮੇਲ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ
ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ - ਫ਼ੀਮੇਲ) ਯੂਨੀਅਨ
Publish Date: Thu, 07 May 2026 07:24 PM (IST)
Updated Date: Thu, 07 May 2026 07:26 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਲਟੀਪਰਪਜ਼ ਹੈਲਥ ਇੰਪਲਾਈਜ਼ (ਮੇਲ-ਫ਼ੀਮੇਲ) ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਵਿੱਚ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੂੰ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਮੰਗ ਪੱਤਰ ਦਿੱਤੇ ਗਏ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਏਰੀਅਰ ਦੀ ਪਹਿਲੀ ਕਿਸ਼ਤ ਅਪ੍ਰੈਲ 2026 ਦੀ ਤਨਖ਼ਾਹ ਨਾਲ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਰ ਕਈ ਥਾਵਾਂ ਤੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋਈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਜਥੇਬੰਦੀ ਨੇ ਕਰਦਿਆਂ ਕਿਹਾ ਕਿ ਨਿਰਧਾਰਿਤ ਕਿਸ਼ਤਾਂ ਅਨੁਸਾਰ ਏਰੀਅਰ ਦੀ ਅਦਾਇਗੀ ਤੁਰੰਤ ਸ਼ੁਰੂ ਕੀਤੀ ਜਾਵੇ। ਦੂਜੇ ਮੰਗ ਪੱਤਰ ਰਾਹੀਂ ਯੂਨੀਅਨ ਨੇ ਕੇਂਦਰੀ ਸਕੇਲ ਅਧੀਨ ਕੰਮ ਕਰ ਰਹੇ ਐਮਪੀ ਡਬਲਯੂ (ਮੇਲ - ਫ਼ੀਮੇਲ) ਕਰਮਚਾਰੀਆਂ ਦੀ ਤਨਖ਼ਾਹ ਫ਼ਿਕਸੇਸਨ ਦਾ ਮੁੱਦਾ ਚੁੱਕਿਆ। ਆਗੂਆਂ ਨੇ ਦੱਸਿਆ ਕਿ ਹਾਈਕੋਰਟ ਦੇ ਫ਼ੈਸਲਿਆਂ ਅਤੇ ਵਿੱਤ ਵਿਭਾਗ ਦੇ 5 ਜਨਵਰੀ 2026 ਦੇ ਨੋਟੀਫਿਕੇਸ਼ਨ ਦੀ ਰੋਸ਼ਨੀ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣੀ ਚਾਹੀਦੀ ਹੈ। ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ 30 ਅਪ੍ਰੈਲ 2026 ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਕੰਮ ਇੱਕ ਹਫ਼ਤੇ ਦੇ ਅੰਦਰ ਪੂਰਾ ਕਰਨ ਦੀਆਂ ਹਦਾਇਤਾਂ ਹਨ। ਯੁਨੀਅਨ ਦੇ ਨੁਮਾਇੰਦਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਸਮੇਂ ਸਿਰ ਨਾ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ, ਜਸਕਰਨ ਸਿੰਘ, ਬਲਜੀਤ ਸਿੰਘ, ਰਾਜਵੀਰ ਕੌਰ, ਚਰਨਜੀਤ ਕੌਰ ਤੋਂ ਇਲਾਵਾ ਯੂਨੀਅਨ ਦੇ ਹੋਰ ਸਥਾਨਕ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।