ਜੀਆਈਐੱਮਟੀ ਕਾਲਜ ’ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਗੁਰਦਾਸੀ ਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ
Publish Date: Sun, 25 Jan 2026 06:02 PM (IST)
Updated Date: Mon, 26 Jan 2026 04:10 AM (IST)

ਚਤਰ ਸਿੰਘ ਪੰਜਾਬੀ ਜਾਗਰਣ, ਬੁਢਲਾਡਾ : ਗੁਰਦਾਸੀ ਦੇਵੀ ਇੰਸਟੀਚਿਊਟ ਆਫ਼ ਮੈਨੇਜ਼ਮੈਂਟ ਐਂਡ ਟੈਕਨੋਲੋਜੀ ਕਾਲਜ ਬੁਢਲਾਡਾ ਵਿੱਚ ਰਾਸ਼ਟਰੀ ਵੋਟਰ ਦਿਵਸ ਬੜੇ ਉਤਸ਼ਾਹ ਅਤੇ ਜਾਗਰੂਕਤਾ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕਾਰਜਕ੍ਰਮ ਦੌਰਾਨ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਦੇਣਾ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੀ ਨਹੀਂ, ਸਗੋਂ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਭਾਰਤ ਵਰਗੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਅਸਲ ਤਾਕਤ ਜਾਗਰੂਕ ਅਤੇ ਸਚੇਤ ਵੋਟਰਾਂ ਵਿੱਚ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਲਿਸਟ ਵਿੱਚ ਦਰਜ ਕਰਵਾਉਣ ਅਤੇ ਸੋਚ-ਵਿਚਾਰ ਕਰਕੇ ਆਪਣੇ ਮਤ ਦਾ ਸਹੀ ਉਪਯੋਗ ਕਰਨ। ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਹਾਸਲ ਕਰਨ ਲਈ ਨਹੀਂ, ਸਗੋਂ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਲਈ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰਿਕ ਮੁੱਲਾਂ ਦੀ ਪਾਲਣਾ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸੰਬੰਧੀ ਪੋਸਟਰ ਅਤੇ ਨਾਅਰੇ ਵੀ ਪੇਸ਼ ਕੀਤੇ ਗਏ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਸਚੇਤ ਵੋਟਰ ਬਣਨ ਦਾ ਸੰਕਲਪ ਵੀ ਲਿਆ। ਕਾਰਜਕ੍ਰਮ ਦਾ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤਾ ਗਿਆ।