ਡੀਸੀ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਗਣਤੰਤਰ ਦਿਵਸ ਸਮਾਰੋਹ ਗਣਤੰਤਰ ਦਿਵਸ ਸਮਾਰੋਹ ਗਣਤੰਤਰ ਦਿਵਸ ਸਮਾਰੋਹ
Publish Date: Tue, 06 Jan 2026 05:37 PM (IST)
Updated Date: Wed, 07 Jan 2026 04:03 AM (IST)
-ਨਹਿਰੂ ਮੈਮੋਰੀਅਲ ਕਾਲਜ ’ਚ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 77ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈਏਐੱਸ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁਕੰਮਲ ਡਰੈਸ ਰਿਹਰਸਲ 23 ਜਨਵਰੀ ਨੂੰ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਸਾਫ਼ - ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੱਤੀ ਜਾਵੇ ਤੇ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜ਼ਾਮ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫ਼ਿਕ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਨਿਰਧਾਰਤ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਹੋਮਗਾਰਡਜ਼, ਐਨਸੀਸੀ, ਸਕਾਊਟਸ, ਆਰਮੀ ਬੈਂਡ ਅਤੇ ਝਾਕੀਆਂ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਸਕੀਮਾਂ/ਯੋਜਨਾਵਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐਸਡੀਐਮ ਮਾਨਸਾ ਕਾਲਾ ਰਾਮ ਕਾਂਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਐਸਪੀ ਪਰਦੀਪ ਸੰਧੂ ਤੋਂ ਇਲਾਵਾ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।