ਨਵੇਂ ਥਾਣਾ ਮੁਖੀ ਨੇ ਮੁਸ਼ਕਲਾਂ ਦੇ ਹੱਲ ਲਈ ਮੰਗੇ ਸੁਝਾਅ
ਸਰਦੂਲਗੜ੍ਹ ਥਾਣੇ ਵਿੱਚ ਹਾਲ ਹੀ ਵਿੱਚ ਤੈਨਾਤ
Publish Date: Sat, 14 Feb 2026 06:17 PM (IST)
Updated Date: Sun, 15 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਰਦੂਲਗੜ੍ਹ ਦੇ ਨਵੇਂ ਤਾਇਨਾਤ ਹੋਏ ਥਾਣਾ ਮੁਖੀ ਪੁਸ਼ਪਿੰਦਰ ਕੌਰ ਵੱਲੋਂ ਪੱਤਰਕਾਰਾਂ ਨਾਲ ਰਸਮੀ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਸ਼ਹਿਰ ਦੇ ਬਾਜ਼ਾਰਾਂ ਅਤੇ ਬੱਸ ਸਟੈਂਡ ਨੇੜੇ ਰੋਜ਼ਾਨਾ ਲੱਗਦੇ ਟ੍ਰੈਫ਼ਿਕ ਜਾਮ ਅਤੇ ਨਜਾਇਜ਼ ਕਬਜ਼ਿਆਂ ਦੇ ਮਸਲਿਆਂ ’ਤੇ ਬਾਰੇ ਵਿਚਾਰਿਆ ਗਿਆ। ਥਾਣਾ ਮੁਖੀ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੱਤਰਕਾਰਾਂ ਕੋਲੋਂ ਸੁਝਾਅ ਮੰਗੇ। ਉਨ੍ਹਾਂ ਦੱਸਿਆ ਕਿ ਜਲਦ ਹੀ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਸਰਦੂਲਗੜ੍ਹ ਵਿੱਚ ਤਾਇਨਾਤ ਕੀਤੇ ਜਾ ਰਹੇ ਹਨ। ਇਸ ਨਾਲ ਟ੍ਰੈਫ਼ਿਕ ਜਾਮ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕਾਬੂ ਕਰਨ ਵਿੱਚ ਮਦਦ ਮਿਲੇਗੀ। ਇਲਾਕੇ ਦੇ ਪੁਲਿਸ ਨਾਲ ਸੰਬੰਧਿਤ ਮਸਲਿਆਂ ਨੂੰ ਵੀ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਥਾਣਾ ਮੁਖੀ ਨੇ ਗਲਤ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਵਿਰੁੱਧ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਨ-ਪਸੰਦ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਬਿਨ੍ਹਾਂ ਕਿਸੇ ਡਰ ਦੇ ਆਪਣੇ ਰੋਜ਼ਮਰ੍ਹਾ ਦੇ ਕੰਮ ਕਰਨ, ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾਂ ਤਤਪਰ ਹੈ। ਨਜਾਇਜ਼ ਕਬਜ਼ਿਆਂ ਦੇ ਸਥਾਈ ਹੱਲ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੇ ਸਹਿਯੋਗ ਨਾਲ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਸੜਕਾਂ ਅਤੇ ਬਾਜ਼ਾਰਾਂ ਵਿੱਚ ਕੀਤੇ ਨਜਾਇਜ਼ ਕਬਜ਼ੇ ਹਟਾਏ ਜਾਣਗੇ।