ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ
Publish Date: Fri, 27 Feb 2026 04:52 PM (IST)
Updated Date: Fri, 27 Feb 2026 04:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਨਾਲ ਨੇਪਰੇ ਚੜ੍ਹੀਆਂ ਸਨ ਪਰ ਹੁਣ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਸਮੁੱਚੇ ਲੋਕਾਂ ਦੀ ਸੇਵਾ ਕਰਨ। ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮਾਨਸਾ ਜ਼ਿਲ੍ਹਾ ਪਹਿਲਾਂ ਹੀ ਵਿੱਦਿਆ, ਖੇਡਾਂ ਅਤੇ ਸਮਾਜਿਕ ਖੇਤਰਾਂ ਵਿਚ ਮੋਹਰੀ ਰਿਹਾ ਹੈ ਅਤੇ ਨਵੇਂ ਬਣੇ ਮੈਂਬਰਾਂ ਦਾ ਫ਼ਰਜ਼ ਹੈ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਰਿਕਾਰਡ ਤੋੜ ਵਿਕਾਸ ਕਰਵਾ ਕੇ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਵੀ ਸੂਬੇ ਵਿਚ ਪਹਿਲੇ ਨੰਬਰ ਤੇ ਲੈ ਕੇ ਆਉਣ। ਸਮਾਗਮ ਦੌਰਾਨ ਏ.ਡੀ.ਸੀ. (ਵਿਕਾਸ) ਆਕਾਸ਼ ਬਾਂਸਲ ਨੇ ਨਵੇਂ ਚੁਣੇ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕੀਤੀ। ਸਹੁੰ ਚੁੱਕਣ ਵਾਲੇ ਮੈਂਬਰਾਂ ਵਿਚ ਸ਼ਾਮਿਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।