ਚਿੱਟੇ ਦੇ ਸੌਦਾਗਰਾਂ ਦੀ ਹੁਣ ਖ਼ੈਰ ਨਹੀਂ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਖ਼ਤ ਰੁਖ਼ ਨਾਲ ਨਸ਼ਾ ਤਸਕਰਾਂ ’ਚ ਹੜਕੰਪ: ਹਰਦੇਵ ਸਿੰਘ ਉੱਭਾ ਭਾਰਤ ਦੇ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ
Publish Date: Mon, 19 Oct 2026 04:25 PM (IST)
Updated Date: Mon, 19 Oct 2026 04:27 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਾ ਤਸਕਰਾਂ ਤੇ ਹੈਰੋਇਨ (ਚਿੱਟੇ) ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਜ਼ੇਲ੍ਹਾਂ ਵਿੱਚ ਡੱਕਣ ਸਬੰਧੀ ਦਿੱਤੇ ਗਏ ਸਖ਼ਤ ਸੰਦੇਸ਼ ਦਾ ਸਵਾਗਤ ਕਰਦਿਆਂ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਜਾਲ ’ਚੋਂ ਬਾਹਰ ਕੱਢਣ ਲਈ ਨਸ਼ਾ ਤਸਕਰਾਂ ਵਿਰੁੱਧ ਨਿਰਣਾਇਕ ਕਾਰਵਾਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ। ਉਹ ਕਰ ਦਿਖਾਉਂਦੀ ਹੈ। ਅਮਿਤ ਸ਼ਾਹ ਦਾ ਕਿਹਾ ਲੋਹੇ ’ਤੇ ਲਕੀਰ ਹੈ। ਉਨ੍ਹਾਂ ਦੀ ਅਗਵਾਈ ਤੇ ਦ੍ਰਿੜ੍ਹ ਇਰਾਦੇ ’ਤੇ ਸਾਨੂੰ ਪੂਰਾ ਭਰੋਸਾ ਹੈ। ਨਸ਼ਿਆਂ ਵਿਰੁੱਧ ਜੰਗ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜ ਮੁਲਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਇਸ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਸਖ਼ਤ ਸੁਨੇਹਾ ਪੰਜਾਬ ਦੇ ਉਨ੍ਹਾਂ ਲੱਖਾਂ ਪਰਿਵਾਰਾਂ ਲਈ ਉਮੀਦ ਦੀ ਕਿਰਨ ਹੈ, ਜਿਹੜੇ ਨਸ਼ਿਆਂ ਕਾਰਨ ਆਪਣੇ ਬੱਚਿਆਂ ਦਾ ਭਵਿੱਖ ਬਰਬਾਦ ਹੁੰਦਾ ਦੇਖ ਰਹੇ ਹਨ। ਉੱਭਾ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਹੌਸਲਾ ਬੁਲੰਦ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਇਹ ਭਰੋਸਾ ਮਿਲਣਾ ਚਾਹੀਦਾ ਹੈ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੇ ਨਾਲ ਕਾਨੂੰਨ ਅਤੇ ਇਨਸਾਫ਼ ਖੜ੍ਹਾ ਹੈ। ਹਰਦੇਵ ਸਿੰਘ ਉੱਭਾ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ, ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼, ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਮੁਹਿੰਮਾਂ ਚਲਾਉਣੀਆਂ ਲਾਜ਼ਮੀ ਹਨ। ਉੱਭਾ ਨੇ ਅੰਤ ਵਿੱਚ ਕਿਹਾ ਕਿ ਸਾਡਾ ਸੰਕਲਪ ਸਪੱਸ਼ਟ ਹੈ-ਨਸ਼ਾ ਮੁਕਤ ਪੰਜਾਬ, ਸੁਰੱਖਿਅਤ ਪੰਜਾਬ ਦੀ ਜਵਾਨੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼। ਭਾਜਪਾ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ ਅਤੇ ਸਾਨੂੰ ਉਮੀਦ ਹੈ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਆਪਣੇ ਨਿਰਣਾਇਕ ਮੁਕਾਮ ਤੱਕ ਪਹੁੰਚੇਗੀ।