ਹਰਕ੍ਰਿਸ਼ਨ ਸ਼ਰਮਾ, ਮਾਨਸਾ : ਕਿਸਾਨੀ ਹਿੱਤਾਂ ਨੂੰ ਮੁੱਖ ਰੱਖਦਿਆਂ ਮੂੰਗੀ ਦੀ ਫ਼ਸਲ ਦੀ ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧਾਂ ਸਬੰਧੀ ਐੱਸਡੀਐੱਮ ਮਾਨਸਾ ਪੂਨਮ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨਾਂ੍ਹ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਮੂੰਗੀ ਦੀ ਫ਼ਸਲ ਆਉਣੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ, ਤਾਂ ਜੋ ਖਰੀਦ ਮੌਕੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਐੱਸਡੀਐੱਮ ਵੱਲੋਂ ਕਾਰਜ ਸਾਧਕ ਅਫ਼ਸਰ ਮਾਨਸਾ, ਉਪ ਮੰਡਲ ਅਫ਼ਸਰ ਸੀਵਰੇਜ਼ ਬੋਰਡ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ।

ਉਨਾਂ੍ਹ ਕਾਰਜ ਸਾਧਕ ਅਫ਼ਸਰ ਨੂੰ ਮਾਨਸਾ ਸ਼ਹਿਰ ਦੇ ਅੰਡਰ ਬਰਿੱਜ 'ਚ ਬਰਸਾਤ ਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨਾਂ੍ਹ ਸੀਵਰੇਜ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਸ਼ਹਿਰ ਦੀ ਸੀਵਰੇਜ਼ ਵਿਵਸਥਾ ਨੂੰ ਚੰਗੀ ਤਰਾਂ੍ਹ ਦੇਖ ਕੇ ਸਾਫ਼-ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਬਰਸਾਤਾਂ ਦੌਰਾਨ ਕੋਈ ਦਰਪੇਸ਼ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਜੈ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।