ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ : ਡੀਸੀ
ਜ਼ਿਲ੍ਹੇ ਵਿੱਚ ਵਾਤਾਵਰਣ ਦੀ ਸਾਂਭ-ਸੰਭਾਲ
Publish Date: Thu, 16 Apr 2026 07:12 PM (IST)
Updated Date: Thu, 16 Apr 2026 07:15 PM (IST)

- ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਦੇ ਸਖ਼ਤ ਆਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਵਿੱਚ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ‘ਘਰ-ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਇਕੱਤਰ ਕਰਨ’ ਦੀ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਲਗਾਤਾਰ ਜਾਗਰੂਕ ਕੀਤਾ ਜਾਵੇ। ਡੀਸੀ ਨੇ ਕਿਹਾ ਕਿ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਰੋਕ ਲਾਉਣ ਲਈ ਚੈਕਿੰਗ ਮੁਹਿੰਮ ਤੇਜ਼ ਕੀਤੀ ਜਾਵੇ। ਡੀਸੀ ਨਵਜੋਤ ਕੌਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਾਤਾਵਰਣ ਪੱਖੀ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ, ਜਿਸ ਵਿੱਚ ਅੰਡਰਗਰਾਊਂਡ ਸੀਵਰੇਜ ਨੈੱਟਵਰਕ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ, ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਅਤੇ ਬਾਇਓ-ਮੈਡੀਕਲ ਵੇਸਟ ਦੇ ਸਹੀ ਨਿਪਟਾਰੇ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਿਆ-ਭਰਿਆ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਸਿਰਫ਼ ਕਾਗਜ਼ੀ ਕਾਰਵਾਈ ਤੱਕ ਸੀਮਤ ਨਾ ਰਹਿਣ, ਸਗੋਂ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ। ਇਸ ਦੌਰਾਨ ਉਨ੍ਹਾਂ ਨੇ ਸਮੂਹ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਾਤਾਵਰਣ ਕਮੇਟੀ ਦੇ ਮੁੱਦਿਆਂ ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸਮੇਂ ਸਿਰ ਪੇਸ਼ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਦੇ ਵਾਤਾਵਰਣ ਪੱਖੀ ਟੀਚਿਆਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਡੀਐੱਸਪੀ ਪੁਸ਼ਪਿੰਦਰ ਸਿੰਘ ਗਿੱਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਦਲਜੀਤ ਸਿੰਘ, ਐੱਸਡੀਓ ਹਰਮਨ ਗਿੱਲ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀ, ਜਲ ਸਰੋਤ ਵਿਭਾਗ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।