ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀਆਂ ਹਦਾਇਤਾਂ ਉੱਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ
Publish Date: Sun, 25 Oct 2026 05:15 PM (IST)
Updated Date: Sun, 25 Oct 2026 05:16 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਕੇ ਝੋਨੇ ਦੇ ਖਰੀਦ, ਲਿਫਟਿੰਗ, ਅਦਾਇਗੀ ਅਤੇ ਹੋਰ ਸੁਵਿਧਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਮਾਨਸਾ ਸਬ-ਡਵੀਜ਼ਨ ਦੀਆਂ ਅਨਾਜ ਮੰਡੀਆਂ ਵਿਚ ਐਸ.ਡੀ.ਐਮ. ਬਲਜੀਤ ਕੌਰ, ਸਰਦੂਲਗੜ੍ਹ ਵਿਚ ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ ਅਤੇ ਬੁਢਲਾਡਾ ਵਿਖੇ ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਮੰਡੀਆਂ ਦਾ ਖੁਦ ਦੌਰਾ ਕਰਦਿਆਂ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਜ਼ਮੀਨੀ ਪੱਧਰ ਤੇ ਉਪਲਬਧ ਹਰ ਸੁਵਿਧਾ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਰੋਸ਼ਨੀ, ਛਾਂ ਅਤੇ ਸਾਫ਼-ਸਫ਼ਾਈ ਦੇ ਇੰਤਜ਼ਾਮਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਂਦੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਫ਼ਸਲ ਦਾ ਵਾਜਬ ਮੁੱਲ ਸਮੇਂ ਸਿਰ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਤਹਿਤ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ, ਤੋਲ ਪ੍ਰਕਿਰਿਆ ਅਤੇ ਅਦਾਇਗੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟਾਂ ਨੇ ਕਿਸਾਨ ਭਰਾਵਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਿਆ ਅਤੇ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਲਿਆਉਣ ਤਾਂ ਜੋ ਮੰਡੀ ਵਿੱਚ ਆਉਂਦਿਆਂ ਹੀ ਫ਼ਸਲ ਦੀ ਤੁਰੰਤ ਖਰੀਦ ਕੀਤੀ ਜਾ ਸਕੇ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨਾ ਆਵੇ ਅਤੇ ਖਰੀਦ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਰਹਿਣ।