ਕਾਂਗਰਸ ਨੇ ਦੇਸ਼ ਦੀ ਏਕਤਾ ਤੇ ਲੋਕਤੰਤਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਇੰਦਰਾ ਕਾਂਗਰਸ ਭਵਨ, ਬੁਢਲਾਡਾ ਵਿਖੇ
Publish Date: Fri, 02 Oct 2026 06:58 PM (IST)
Updated Date: Fri, 02 Oct 2026 06:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ : ਬੁਢਲਾਡਾ : ਇੰਦਰਾ ਕਾਂਗਰਸ ਭਵਨ, ਬੁਢਲਾਡਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ। ਸਮਾਗਮ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸੱਚ, ਅਹਿੰਸਾ, ਸਾਦਗੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਦੀ ਪ੍ਰੇਰਣਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਆਜ਼ਾਦੀ ਦੇ ਸੰਘਰਸ਼ ਨੂੰ ਸਿਰਫ਼ ਕੁਝ ਆਗੂਆਂ ਤੱਕ ਸੀਮਤ ਨਹੀਂ ਰਹਿਣ ਦਿੱਤਾ, ਸਗੋਂ ਦੇਸ਼ ਦੇ ਆਮ ਲੋਕਾਂ ਨੂੰ ਇਸ ਨਾਲ ਜੋੜ ਕੇ ਇਸ ਨੂੰ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਅਸਹਿਯੋਗ ਅੰਦੋਲਨ, ਸਿਵਲ ਨਾਫ਼ੁਰਮਾਨੀ ਅੰਦੋਲਨ ਅਤੇ ਭਾਰਤ ਛੱਡੋ ਅੰਦੋਲਨ ਨੇ ਬਰਤਾਨਵੀ ਹਕੂਮਤ ਵਿਰੁੱਧ ਦੇਸ਼ ਵਾਸੀਆਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ। ਗਾਂਧੀ ਜੀ ਨੇ ਸੱਚ ਅਤੇ ਅਹਿੰਸਾ ਨੂੰ ਹਥਿਆਰ ਬਣਾਕੇ ਇਹ ਸਾਬਤ ਕੀਤਾ ਕਿ ਲੋਕਾਂ ਦੀ ਇਕਜੁੱਟ ਤਾਕਤ ਵੱਡੀ ਤੋਂ ਵੱਡੀ ਤਾਕਤ ਨੂੰ ਵੀ ਚੁਣੌਤੀ ਦੇ ਸਕਦੀ ਹੈ। ਸਿੰਗਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਕਿਸੇ ਇੱਕ ਆਗੂ ਦੀ ਦੇਣ ਨਹੀਂ, ਸਗੋਂ ਲੱਖਾਂ ਆਜ਼ਾਦੀ ਘੁਲਾਟੀਆਂ ਦੇ ਤਿਆਗ, ਸੰਘਰਸ਼ ਅਤੇ ਕੁਰਬਾਨੀਆਂ ਦਾ ਨਤੀਜਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸਰਦਾਰ ਵੱਲਭ ਭਾਈ ਪਟੇਲ ਅਤੇ ਹੋਰ ਅਨੇਕਾਂ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜ਼ਿੰਦਗੀਆਂ ਸਮਰਪਿਤ ਕੀਤੀਆਂ। ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਸ਼ਾਸਤਰੀ ਜੀ ਨੇ ਆਜ਼ਾਦ ਭਾਰਤ ਦੇ ਨਿਰਮਾਣ ਵਿੱਚ ਸਾਦਗੀ, ਇਮਾਨਦਾਰੀ, ਨਿਮਰਤਾ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੀ ਵਿਲੱਖਣ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਰਹਿੰਦਿਆਂ ਸ਼ਾਸਤਰੀ ਜੀ ਨੇ ਦੇਸ਼ ਨੂੰ ਔਖੇ ਦੌਰ ਵਿੱਚ ਮਜ਼ਬੂਤ ਅਗਵਾਈ ਦਿੱਤੀ। ਉਨ੍ਹਾਂ ਵੱਲੋਂ ਦਿੱਤਾ ਗਿਆ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦੇਸ਼ ਦੀ ਸੁਰੱਖਿਆ ਅਤੇ ਅੰਨ ਉਤਪਾਦਨ ਵਿੱਚ ਜਵਾਨਾਂ ਅਤੇ ਕਿਸਾਨਾਂ ਦੀ ਅਹਿਮ ਭੂਮਿਕਾ ਨੂੰ ਦਰਸਾਉਂਦਾ ਹੈ। ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਹਰਵਿੰਦਰ ਕੌਰ ਸਿੱਧੂ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਵਿੰਦਰ ਦੀਪ ਸਵੀਟੀ, ਸ਼ਹਿਰੀ ਬੁਢਲਾਡਾ ਦੇ ਪ੍ਰਧਾਨ ਲਵਲੀ ਗਰਗ, ਬਲਾਕ ਬਰੇਟਾ ਦੇ ਪ੍ਰਧਾਨ ਸੁਵਰਨ ਸਿੰਘ ਖਡਾਲ, ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਜਗਸੀਰ ਸਿੰਘ ਅੜੀਕੇ, ਐੱਸ.ਸੀ. ਵਿਭਾਗ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿਆਰੀ, ਗੁਰਲਾਲ ਸਿੰਘ ਮੱਲ ਸਿੰਘਵਾਲਾ, ਸਤਿਗੁਰ ਸਿੰਘ ਜਲਵੇੜਾ, ਲਾਲਦੂ ਭਾਰਦਵਾਜ ਅਤੇ ਬਲਾਕ ਕਾਂਗਰਸ ਕਮੇਟੀ ਦੇ ਹੋਰ ਅਹੁਦੇਦਾਰ ਹਾਜ਼ਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।