ਮਾਨਸਾ ’ਚ ਟ੍ਰੈਕਟਰਾਂ ਦੇ ਸਟੰਟ ਪ੍ਰਦਰਸ਼ਨ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ
Publish Date: Mon, 02 Mar 2026 05:06 PM (IST)
Updated Date: Tue, 03 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ। ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਪਿਛਲੇ ਦਿਨ੍ਹੀਂ ਕੁੱਝ ਘਟਨਾਵਾਂ ਵਾਪਰੀਆਂ ਹਨ। ਇਨ੍ਹਾਂ ’ਚ ਟ੍ਰੈਕਟਰ ਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।