ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈ.ਏ.ਐਸ. ਨੇ
Publish Date: Fri, 20 Feb 2026 06:23 PM (IST)
Updated Date: Sat, 21 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਅੰਦਰ ਅਣਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ। ਹੁਕਮ ਵਿਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਇਸ ਦੇ ਫ਼ਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ-1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਹੁਕਮ ਵਿਚ ਕਿਹਾ ਗਿਆ ਹੈ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ। ਉਹ ਵੱਖਰੇ ਤੌਰ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪਰ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।