ਜੱਥੇਬੰਦ ਲੋਕ ਸ਼ਕਤੀ ਸਰਕਾਰੀ ਤਸ਼ੱਦਦ ਅੱਗੇ ਨਹੀਂ ਝੁਕੇਗੀ : ਭਾਕਿਯੂ ਡਕੌਂਦਾ
ਪਿੰਡ ਖਿਆਲਾ ਕਲਾਂ ਵਿਖੇ ਭਾਰਤੀ ਕਿਸਾਨ
Publish Date: Sat, 28 Feb 2026 06:51 PM (IST)
Updated Date: Sun, 01 Mar 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪਿੰਡ ਖਿਆਲਾ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਲਾਮਿਸਾਲ ਦਿੱਲੀ ਅੰਦੋਲਨ ਦੇ ਸਮੁੱਚੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰਨ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੰਗੇ ਚਿੱਟੇ ਜ਼ਬਰ ʼਤੇ ਉੱਤਰ ਆਈ ਹੈ। ਸਰਕਾਰ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਅਤੇ ਹਰ ਵਰਗ ਨੂੰ ਡੰਡੇ ਦੇ ਜ਼ੋਰ ਤੇ ਕੁਚਲਣਾ ਚਾਹੁੰਦੀ ਹੈ। ਇਸ ਦੀ ਤਾਜ਼ਾ ਉਦਾਹਰਣ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਵਿੱਚ ਵਾਪਰੀ ਹੈ। ਪਿੰਡ ਵਿਚ ਪੁਲਿਸ ਵਲੋਂ ਜਿੱਥੇ ਪੁਰ ਅਮਨ ਧਰਨਾ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪਿੰਡ ਵਿੱਚ ਜਾ ਕੇ ਵਿਦੇਸ਼ੀ ਧਾੜਵੀਆਂ ਵਾਂਗ ਹਮਲਾ ਬੋਲਿਆ। ਇਸ ਤੋਂ ਪਹਿਲਾਂ ਮਜ਼ਦੂਰ ਆਗੂਆਂ ਨੂੰ ਅਤੇ ਕਿਸਾਨ ਆਗੂਆਂ ਨੂੰ ਅਤੇ ਕਈ ਪੱਤਰਕਾਰਾਂ ਨੂੰ ਝੂਠੇ ਕੇਸਾਂ ਵਿਚ ਫ਼ਸਾਇਆ ਹੋਇਆ ਹੈ। ਪੰਜਾਬ ਵਿੱਚ ਨੰਗਾ ਚਿੱਟਾ ਪੁਲਿਸ ਰਾਜ ਕਾਇਮ ਹੋ ਚੁੱਕਿਆ ਹੈ ਤੇ ਦਿਨ ਦਿਹਾੜੇ ਸ਼ਰੇਆਮ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਪੰਜਾਬ ਦਾ ਅਮਨ ਕਾਨੂੰਨ ਭੰਗ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਪੰਜਾਬ ਦੀ ਸੰਘਰਸ਼ਸ਼ੀਲ ਫ਼ਿਜ਼ਾ ਨੂੰ ਬਦਲ ਕੇ ਦਹਿਸ਼ਤ ਦਾ ਰਾਜ ਕਾਇਮ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਰਕਾਰੀ ਦਹਿਸ਼ਤ ਨੂੰ ਤੋੜਨ ਲਈ 6 ਮਾਰਚ ਨੂੰ ਬਠਿੰਡਾ ਵਿਖੇ ਲਲਕਾਰ ਰੈਲੀ ਅਤੇ ਮੁਜਾਹਰਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਦੀਆਂ 4 ਦਰਜਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨਵੇਂ ਬਿਜਲੀ ਸੋਧ ਬਿਲ 2025, ਕਾਲੇ ਕਿਰਤ ਕਾਨੂੰਨ, ਮਨਰੇਗਾ ਦਾ ਖਾਤਮਾ ਅਤੇ ਨਵਾ ਸੀਡ ਐਕਟ ਲਾਗੂ ਕਰ ਕੇ ਖੇਤੀ ਰੋਜ਼ਗਾਰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡਣਾ ਚਾਹੁੰਦੀ ਹੈ। ਆਗੂਆਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਜੱਥੇਬੰਦਕ ਸ਼ਕਤੀ ਨੂੰ ਹੋਰ ਮਜਬੂਤ ਕਰਨ ਅਤੇ ਔਰਤ ਸ਼ਕਤੀ ਨੂੰ ਸੰਘਰਸ਼ ਦੇ ਮੈਦਾਨ ’ਚ ਆਉਣ ਦਾ ਵੀ ਸੱਦਾ ਦਿੱਤਾ। ਸਮਾਗਮ ਸਮੇਂ ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਮੀਤ ਪ੍ਰਧਾਨ ਜਗਦੇਵ ਸਿੰਘ ਕੋਟਲੀ, ਮੀਤ ਪ੍ਰਧਾਨ ਦਰਸ਼ਨ ਸਿੰਘ ਗੁਰਨੇ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਬਰੇ, ਸਮੇਤ ਬਲਾਕ ਅਤੇ ਪਿੰਡ ਕਮੇਟੀਆਂ ਦੇ ਆਗੂ ਹਾਜ਼ਰ ਸਨ।