- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ

-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਰਦੂਲਗੜ੍ਹ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ (ਐਸਆਈਆਰ) ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਅੱਜ ਜ਼ਿਲ੍ਹਾ ਮਾਨਸਾ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ 11 ਜੁਲਾਈ ਨੂੰ ਲਗਾਏ ਇਨ੍ਹਾਂ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪਾਂ ਦੇ ਪਹਿਲੇ ਦਿਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਉਚੇਚਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫਸਰਾਂ ਵੱਲੋਂ ਗਣਨਾ ਫਾਰਮਾਂ ਨੂੰ ਭਰਵਾਉਣ ਅਤੇ ਯੋਗ ਵੋਟਰਾਂ ਤੋਂ ਪ੍ਰਾਪਤ ਹੋਏ ਗਣਨਾ ਫ਼ਾਰਮਾ ਦੀ ਡਿਜੀਟਾਈਜੇਸ਼ਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜਨ ਦੌਰਾਨ ਹੁਣ ਤੱਕ ਮਾਨਸਾ ਹਲਕੇ ਵਿੱਚ 50 ਫ਼ੀਸਦੀ ਜਦਕਿ ਬੁਢਲਾਡਾ ਵਿਖੇ 54.83 ਫ਼ੀਸਦੀ ਅਤੇ ਸਰਦੂਲਗੜ੍ਹ ਵਿਖੇ 54.05 ਫ਼ੀਸਦੀ ਗਣਨਾ ਫ਼ਾਰਮਾ ਨੂੰ ਡਿਜੀਟਾਈਜ਼ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਬੀਐਲਓਜ਼ ਨੂੰ ਡਿਜੀਟਾਈਜੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ ਤਾਂ ਜੋ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ, ਭਰਨ ਤੇ ਉਨ੍ਹਾਂ ਨੂੰ ਇਕੱਤਰ ਕਰਕੇ ਡਿਜੀਟਾਈਜੇਸ਼ਨ ਕਰਨ ਦੀ ਅੰਤਿਮ ਤਾਰੀਖ ਚੋਣ ਕਮਿਸ਼ਨ ਵੱਲੋਂ 24 ਜੁਲਾਈ ਨਿਰਧਾਰਤ ਕੀਤੀ ਗਈ ਹੈ। ਬੀਐੱਲਓਜ਼ ਵੱਲੋਂ ਲੋਕਾਂ ਨੂੰ ਭਰਨ ਲਈ ਸੌਂਪੇ ਗਏ ਗਣਨਾ ਫ਼ਾਰਮ ਤੇਜ਼ੀ ਨਾਲ ਜਮ੍ਹਾ ਕਰਵਾਏ ਜਾਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਵੀ ਫੀਡਬੈਕ ਲਈ ਕਿ ਉਨ੍ਹਾਂ ਨੂੰ ਗਣਨਾ ਫਾਰਮ ਭਰਨ ਜਾਂ ਜਮ੍ਹਾ ਕਰਵਾਉਣ ਸਮੇਂ ਕੋਈ ਦਿੱਕਤ ਤਾਂ ਨਹੀਂ ਆਈ। ਪੂਨਮ ਸਿੰਘ ਅਨੁਸਾਰ ਜਿਹੜੇ ਵੋਟਰ, ਅੱਜ ਕਿਸੇ ਕਾਰਨ ਗਣਨਾ ਫਾਰਮ ਭਰਨ ਜਾਂ ਜਮ੍ਹਾਂ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ, ਉਹ ਕੱਲ੍ਹ 12 ਜੁਲਾਈ (ਐਤਵਾਰ) ਨੂੰ ਵੀ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਪੂਰਾ ਲਾਭ ਉਠਾ ਸਕਦੇ ਹਨ। ਇਹ ਕੈਂਪ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ, ਜਿੱਥੇ ਬੀਐੱਲਓਜ਼ ਲੋਕਾਂ ਦੀ ਲੁੜੀਂਦੀ ਸਹਾਇਤਾ ਲਈ ਮੌਕੇ 'ਤੇ ਮੌਜੂਦ ਰਹਿਣਗੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 8 ਵਿੱਚ ਵੋਟਰ ਕਾਰਡ ’ਚ ਨਾਮ, ਪਤਾ, ਉਮਰ ਜਾਂ ਫੋਟੋ ਸਬੰਧੀ ਗਲਤੀ ਨੂੰ ਦਰੁਸਤ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਜਾਂ ਵੋਟ ਕਟਵਾਉਣ ਲਈ ਵੀ ਮਦਦ ਲਈ ਜਾ ਸਕਦੀ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਬਿਨੈਕਾਰਾਂ ਨੂੰ ਆਪਣੇ ਨਾਲ ਕੇਵਲ ਇਕ ਤਾਜ਼ਾ ਪਾਸਪੋਰਟ ਆਕਾਰ ਦੀ ਫੋਟੋ ਲੈ ਕੇ ਆਉਣੀ ਜ਼ਰੂਰੀ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਸਮੂਹ ਮਾਨਸਾ ਵਾਸੀਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਭਲਕੇ 12 ਜੁਲਾਈ ਨੂੰ ਲੱਗਣ ਵਾਲੇ ਕੈਂਪਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।