- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ

-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇ ਸਮੂਹ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਨਿਗਰਾਨੀ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੇ ਸਮੂਹ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਨੇਪਰੇ ਚੜ੍ਹ ਗਏ ਹਨ। ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਦੇ ਆਦੇਸ਼ਾਂ ਅਨੁਸਾਰ ਲਗਾਏ ਗਏ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਮੌਕੇ ਉੱਤੇ ਹੀ ਭਰਵਾ ਕੇ ਜਮ੍ਹਾ ਕਰਵਾਏ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਅੰਦਰ ਸਥਿਤ ਪੋਲਿੰਗ ਸਟੇਸ਼ਨਾਂ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਤੇ ਸਮੂਹ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਪੂਰੀ ਤਰ੍ਹਾਂ ਸਰਗਰਮ ਰਹੇ। ਉਨ੍ਹਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੰਤਰ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਵੱਧ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਕੀਤੇ ਜਾ ਸਕਣ। ਇਸ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਜਿੱਥੇ ਇੱਕ ਪਾਸੇ ਵੋਟਰਾਂ ਪਾਸੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਗਏ, ਉੱਥੇ ਹੀ ਨਾਲੋ-ਨਾਲ ਇਨ੍ਹਾਂ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਪ੍ਰਸ਼ਾਸਨਿਕ ਸਰਗਰਮੀ ਸਦਕਾ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦੀ ਪ੍ਰਤੀਸ਼ਤਤਾ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ ਤਹਿਤ ਹੁਣ ਤੱਕ ਮਾਨਸਾ ਹਲਕੇ ਵਿੱਚ 60.31 ਪ੍ਰਤੀਸ਼ਤ, ਬੁਢਲਾਡਾ ਵਿਖੇ 64.84 ਪ੍ਰਤੀਸ਼ਤ ਅਤੇ ਸਰਦੂਲਗੜ੍ਹ ਵਿਖੇ 65.40 ਪ੍ਰਤੀਸ਼ਤ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ 63.39 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਹੋ ਚੁੱਕੇ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫਸਰਾਂ ਨੂੰ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ, ਭਰਨ ਅਤੇ ਉਨ੍ਹਾਂ ਨੂੰ ਇਕੱਤਰ ਕਰਕੇ ਡਿਜੀਟਾਈਜ਼ੇਸ਼ਨ ਕਰਨ ਦੀ ਅੰਤਿਮ ਤਾਰੀਖ, 24 ਜੁਲਾਈ ਨਿਰਧਾਰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਕੈਂਪਾਂ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਨਾਗਰਿਕਾਂ ਵੱਲੋਂ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰੇ ਗਏ ਹਨ। ਇਸ ਤੋਂ ਇਲਾਵਾ ਫਾਰਮ ਨੰਬਰ 8 ਰਾਹੀਂ ਵੋਟਰ ਕਾਰਡ ਵਿੱਚ ਨਾਮ, ਪਤਾ, ਉਮਰ ਜਾਂ ਫੋਟੋ ਸਬੰਧੀ ਕਿਸੇ ਵੀ ਕਿਸਮ ਦੀ ਗਲਤੀ ਨੂੰ ਦਰੁਸਤ ਕਰਵਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਲਈ ਨਾਗਰਿਕਾਂ ਵੱਲੋਂ ਵੱਧ-ਚੜ੍ਹ ਕੇ ਪ੍ਰਸ਼ਾਸਨਿਕ ਸਹਾਇਤਾ ਲਈ ਗਈ।